ਗੁਰਦਾਸਪੁਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ 1 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦੇ ਚਲਦਿਆਂ ਗੁਰਦਾਸਪੁਰ ਸੀਟ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰੰਘ ਰੰਧਾਵਾ ਨੇ ਆਪਣੇ ਨਾਂ ਕਰ ਲਈ ਹੈ। ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਵੱਡੀ ਲੀਡ ਨਾਲ ਜਿੱਤੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਸਿੰਘ ਬੱਬੂ, ਆਪ ਦੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਿੰਦਰ ਸਿੰਘ ਬਾਜਵਾ ਨੇ ਹਰਾਇਆ ਹੈ। ਗੁਰਦਾਸਪੁਰ ਤੋਂ ਭਾਜਪਾ ਨੂੰ 276255 ਵੋਟਾਂ ਪਈਆਂ ਹਨ ਅਤੇ ਆਪ ਨੂੰ 273355, ਅਕਾਲੀ ਦਲ ਨੂੰ 84764 ਅਤੇ ਸ਼੍ਰੋਮਣੀ ਅਕਾਲੀ ਦਲ ਅ ਨੂੰ 25203 ਵੋਟਾਂ ਪਈਆਂ ਹਨ ਜਦਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ 359274 ਵੋਟਾਂ ਪਈਆਂ ਹਨ।
ਸੁਖਜਿੰਦਰ ਸਿੰਘ ਰੰਧਾਵਾ ਪਹਿਲੀ ਵਾਰ 2002 ਵਿੱਚ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਵਿਧਾਇਕ ਬਣੇ ਅਤੇ ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸੰਸਦੀ ਸਕੱਤਰ ਬਣੇ। 2007 ਦੀਆਂ ਚੋਣਾਂ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਅਕਾਲੀ ਆਗੂ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਤੋਂ ਚੋਣ ਹਾਰ ਗਏ ਸਨ। ਸਾਲ 2012 ਵਿੱਚ ਨਵੇਂ ਬਣੇ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਹਰਾ ਕੇ ਦੁਸਰੀ ਵਾਰ ਜਿੱਤ ਹਾਸਲ ਕੀਤੀ। ਸਾਲ 2017 ਵਿੱਚ ਮੁੜ ਵਿਧਾਨ ਸਭਾ ਹਲਕਾ ਤੋਂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਹਰਾ ਕੇ ਤੀਸਰੀ ਵਾਰ ਵਿਧਾਇਕ ਬਣੇ ਅਤੇ ਪੰਜਾਬ ਕੈਬਨਿਟ ਵਿੱਚ ਸਹਿਕਾਤਾ ਅਤੇ ਜੇਲ੍ਹ ਮੰਤਰੀ ਵੀ ਬਣੇ।