ਫਤਿਹਗੜ੍ਹ ਸਾਹਿਬ : ਵੱਧ ਰਹੇ ਉਦਯੋਗੀਕਰਨ ਤੇ ਸ਼ਹਿਰੀਕਰਨ ਕਰਕੇ ਦਰਖਤਾਂ ਦੀ ਅੰਧਾ-ਧੁੰਦ ਕਟਾਈ ਹੋਣ ਨਾਲ ਵਿਸ਼ਵ ਪੱਧਰ ਤੇ ਵੱਧ ਰਿਹਾ ਤਾਪਮਾਨ ਸਮੁੱਚੀ ਮਨੁੱਖਤਾ ਲਈ ਬਹੁਤ ਵੱਡੀ ਚਣੌਤੀ ਬਣ ਗਿਆ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਵੱਧ ਤੋਂ ਵੱਧ ਦਰਖਤ ਲਗਾਉਣੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹੇ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾ ਦੇ ਅਹੁਦੇਦਾਰਾਂ ਨੂੰ 1 ਜੁਲਾਈ ਤੋਂ 30 ਸਤੰਬਰ ਤੱਕ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਚਲਾਈ ਜਾਣ ਵਾਲੀ ਦਰਖਤ ਲਗਾਉਣ ਦੀ ਵਿਆਪਕ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਕਰਦਿਆਂ ਕੀਤਾ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਵਕੀਲ ਸਾਹਿਬਾਨ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰੇਕ ਵਕੀਲ ਘੱਟੋ-ਘੱਟ ਇਸ ਮੁਹਿੰਮ ਦੌਰਾਨ 2 ਪੌਦੇ ਜ਼ਰੂਰ ਲਗਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਵਾਤਾਵਰਨ ਦੀ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਕਾਨੂੰਨੀ ਪਹਿਲੂਆਂ ਤੋਂ ਵੀ ਜਾਣੂ ਕਰਵਾਉਣ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਜੰਗਲਾਤ ਵਿਭਾਗ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ। ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਕਚਹਿਰੀਆਂ ਦੇ ਨਾਲ ਲੱਗਦੇ ਪਾਰਕ ਵਿਖੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਪੌਦਾ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਮੌਕੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੰਯੁਕਤ
ਰਾਸ਼ਟਰ ਵੱਲ੍ਹੋਂ 5 ਜੂਨ ਦਾ ਦਿਹਾੜਾ ਵਿਸ਼ਵ ਵਾਤਾਵਰਨ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਵਾਰ 'ਸਾਡੀ ਧਰਤੀ ਸਾਡਾ ਭਵਿੱਖ ; ਦਾ ਥੀਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ, ਕਿਉਂਕਿ ਧਰਤੀ ਤੋਂ ਬਿਨ੍ਹਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਮਹਾਨ ਗੁਰੂ ਨਾਨਕ ਦੇਵ ਜੀ ਨੇ ਵਾਤਾਵਰਨ ਨੂੰ ਮਹੱਤਤਾ ਦਿੰਦੇ ਹੋਏ ਗੁਰਬਾਣੀ ਵਿੱਚ ਪਵਨ (ਹਵਾ) ਨੂੰ ਗੁਰੂ ਦਾ ਦਰਜਾ ਦਿੱਤਾ ਹੈ, ਪਾਣੀ ਨੂੰ ਪਿਤਾ ਦਾ ਅਤੇ ਧਰਤੀ ਨੂੰ ਸਭ ਦੀ ਮਾਂ ਦੱਸਿਆ ਹੈ। ਉਨ੍ਹਾਂ ਆਖਿਆ ਕਿ ਵਾਤਾਵਰਨ ਦੀ ਸੰਭਾਲ ਵਿੱਚ ਸੰਜੀਦਾ ਹੋ ਕੇ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਦਰਖਤ ਲਗਾ ਕੇ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਕੇ ਅਸੀਂ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰ ਸਕਦੇ ਹਾਂ। ਉਨ੍ਹਾਂ ਇਹ ਵੀ ਪ੍ਰੇਰਿਤ ਕੀਤਾ ਕਿ ਵਾਤਾਵਰਨ ਦੀ ਸੰਭਾਲ ਸਬੰਧੀ ਬਣੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।