ਸਰਕਾਰੀ ਹਸਪਤਾਲਾਂ ਅੰਦਰ ਸਮੇਂ ਦੀ ਪਾਬੰਦੀ ਯਕੀਨੀ ਬਨਾਉਣ ਦੇ ਨਿਰਦੇਸ਼
ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ
ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹੀ ਖੇਤਰ ਮੰਨਦੇ ਹੋਏ ਆਮ ਲੋਕਾਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਅੰਦਰ ਹੁਣ ਤੱਕ 04 ਲੱਖ 31 ਹਜ਼ਾਰ 200 ਵਿਅਕਤੀਆਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 60709 ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਅੰਦਰ ਲੋਕਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਅੰਦਰ ਇਲਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਦੋਸਤਾਨਾ ਵਿਵਹਾਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹੇ ਅੰਦਰ 90622 ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ ਅਤੇ ਇਸ ਸਕੀਮ ਤਹਿਤ 225691 ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ 36570 ਨਾਗਰਿਕਾਂ ਨੂੰ 16 ਕਰੋੜ 84 ਲੱਖ 78 ਹਜਾਰ 100 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰਾਂ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੂੰ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ ਤਾਂ ਜੋ ਹਸਪਤਾਲਾਂ ਅੰਦਰ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲਾਂ ਦੇ ਡਾਕਟਰਾਂ ਤੇ ਹੋਰ ਸਟਾਫ ਨੂੰ ਵੀ ਹਦਾਇਤ ਕੀਤੀ ਜਾਵੇ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਿਖਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਰਸਾਤਾਂ ਦੌਰਾਨ ਨਾਗਰਿਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਵਾਸਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਪਿਛਲੇ ਮਹੀਨੇ ਦੌਰਾਨ 18 ਦੁਕਾਨਾਂ ਤੋਂ ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ ਸਰਹਿੰਦ ਦੀ ਵਿਸ਼ਨੂੰ ਬੇਕਰੀ ਦੇ ਕੇਕ ਦਾ ਸੈਂਪਲ, ਬਡਾਲੀ ਆਲਾ ਸਿੰਘ ਦੀ ਬਲਵਿੰਦਰ ਡੇਅਰੀ ਦੇ ਦੁੱਧ ਦਾ ਸੈਂਪਲ, ਮੰਡੀ ਗੋਬਿੰਦਗੜ੍ਹ ਦੀ ਹੈਵਨ ਆਇਸ ਕਰੀਮ ਦੀ ਕੁਲਫੀ ਅਤੇ ਸਰਹਿੰਦ ਦੇ ਸਿੰਘ ਬੇਕਰ ਦੇ ਕੇਕ ਦਾ ਸੈਂਪਲ ਸਬ ਸਟੈਂਡਰਡ ਪਾਇਆ ਗਿਆ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੀਆਂ ਦੁਕਾਨਾਂ ਦੇ ਸੈਂਪਲ ਤੈਅ ਮਿਆਰ ਤੋਂ ਘੱਟ ਪਾਏ ਗਏ ਹਨ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ: ਗੁਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।