ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਤਕਰੀਬਨ 40 ਫ਼ੀਸਦੀ ਵਾਧਾ ਹੋਇਆ ਹੈ। ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਡਾ. ਅਸ਼ੋਕ ਕੁਮਾਰ ਤਿਵਾੜੀ ਵੱਲੋਂ ਕੈਂਪਸ ਵਿੱਚ ਵੱਖ-ਵੱਖ ਥਾਵਾਂ ਉੱਤੇ ਚਲਦੀ ਕਾਊਂਸਲਿੰਗ ਦਾ ਮੁਆਇਨਾ ਕਰਨ ਉਪਰੰਤ ਇਹ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਪਿਛਲੇ ਸਾਲ ਦੇ ਮੁਕਾਬਲੇ ਪ੍ਰਾਪਤ ਹੋਈਆਂ ਦਾਖ਼ਲਾ ਅਰਜ਼ੀਆਂ ਦੀ ਗਿਣਤੀ ਵਿੱਚ ਲਗਭਗ 40 ਫ਼ੀਸਦੀ ਵਾਧਾ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਵਿਭਾਗਾਂ/ਕੇਂਦਰਾਂ ਵਿੱਚ ਬਿਨੈਕਾਰਾਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਮੋਹਾਲੀ ਵਿਖੇ ਕੰਪਿਊਟਰ ਸਾਇੰਸ ਵਿੱਚ ਬੀ.ਟੈਕ (ਸੀ.ਐੱਸ.ਈ) ਵਿੱਚ 50 ਅਤੇ ਪੰਜ ਸਾਲਾ ਯੂ.ਜੀ.-ਪੀ.ਜੀ. ਪ੍ਰੋਗਰਾਮ (ਆਨਰਜ਼ ਵਿਦ ਰਿਸਰਚ) ਲਈ ਵੀ ਕਾਫ਼ੀ ਦਾਖ਼ਲਾ ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਨਾਲ਼ ਸੰਬੰਧਤ ਪ੍ਰਣਾਲੀ ਵਿੱਚ ਕੀਤੇ ਗਏ ਕੁੱਝ ਬਦਲਾਅ, ਜਿਵੇਂ ਕਿ ਦਾਖ਼ਲੇ ਦੇ ਸਮੇਂ ਮੇਜਰ ਵਿਸ਼ਿਆਂ ਦੀ ਵੰਡ ਵਰਗੇ ਮਹੱਤਵਪੂਰਨ ਕਦਮਾਂ ਨੇ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੇ ਮਨ ਵਿੱਚ ਇਨ੍ਹਾਂ ਕੋਰਸਾਂ ਸੰਬੰਧੀ ਅਨਿਸ਼ਚਿਤਤਾ ਨੂੰ ਦੂਰ ਕੀਤਾ ਹੈ ਅਤੇ ਸੰਤੁਸ਼ਟੀ ਦੀ ਭਾਵਨਾ ਪੈਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਸਕਾਰਾਤਮਕ ਤਬਦੀਲੀਆਂ ਪੰਜਾਬ ਸਰਕਾਰ ਦੇ ਸੁਹਿਰਦ ਸਹਿਯੋਗ ਅਤੇ ਵਾਈਸ-ਚਾਂਸਲਰ ਕੇ. ਕੇ. ਯਾਦਵ ਦੀ ਅਗਵਾਈ ਤੋਂ ਬਿਨਾਂ ਸੰਭਵ ਨਹੀਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਪ੍ਰਾਪਤ ਹੋਈ ਵਿੱਤੀ ਸਹਾਇਤਾ ਨੇ ਯੂਨੀਵਰਸਿਟੀ ਵਿੱਚ ਸਥਿਰਤਾ ਦਾ ਮਾਹੌਲ ਬਣਾਇਆ ਹੈ ਅਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਦਾ ਮਨੋਬਲ ਵਧਾਇਆ ਹੈ।