ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ’ਤੇ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਅਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਅਤੇ ਲੋਕਾਂ ਨੂੰ ਨਿਰਾਸ਼ ਕਰਨ ਦਾ ਦੋਸ਼ ਲਾਇਆ ਅਤੇ ਮੰਗ ਕੀਤੀ ਕਿ ਮੌਜੂਦਾ ਹਾਲਾਤ ’ਤੇ ਚਰਚਾ ਲਈ ਫ਼ੌਰੀ ਤੌਰ ’ਤੇ ਸਰਬਪਾਰਟੀ ਬੈਠਕ ਬੁਲਾਈ ਜਾਵੇ। ਕਾਂਗਰਸੀ ਸੰਸਦ ਮੈਂਬਰਾਂ ਦੀ ਬੈਠਕ ਵਿਚ ਸੋਨੀਆ ਨੇ ਕਿਹਾ ਕਿ ਸਿਹਤ ਸਬੰਧੀ ਸੰਸਦ ਦੀ ਸਥਾਈ ਕਮੇਟੀ ਦੀ ਬੈਠਕ ਬੁਲਾਈ ਜਾਵੇ ਤਾਕਿ ਮਹਾਂਮਾਰੀ ਨਾਲ ਬਿਹਤਰ ਢੰਗ ਨਾਲ ਸਿੱਝਣ ਲੲਹੀ ਕਦਮ ਚੁੱਕੇ ਜਾ ਸਕਣ ਅਤੇ ਜਵਾਬਦੇਹੀ ਤੈਅ ਕਰਨਾ ਯਕੀਨੀ ਹੋ ਸਕੇ। ਉਨ੍ਹਾਂ ਕਿਹਾ, ‘ਦੇਸ਼ ਇਕ ਅਣਚਿਤਵੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੱਖਾਂ ਲੋਕ ਬੁਨਿਆਦੀ ਸਿਹਤ ਸਹੂਲਤਾਂ ਪਾਉਣ ਲਈ ਸੰਘਰਸ਼ ਕਰ ਰਹੇ ਹਨ। ਇਹ ਵੇਖਣਾ ਦੁਖਦ ਹੈ ਕਿ ਲੋਕ ਹਸਪਤਾਲਾਂ ਵਿਚ ਅਤੇ ਸੜਕਾਂ ’ਤੇ ਅਪਣੇ ਜੀਵਨ ਲਈ ਸੰਘਰਸ਼ ਕਰ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਇਲਾਜ ਸਹੂਲਤ ਚਾਹੁੰਦੇ ਹਨ।’ ਉਨ੍ਹਾਂ ਸਵਾਲ ਕੀਤਾ ਕਿ ਮੋਦੀ ਸਰਕਾਰ ਕੀ ਕਰ ਰਹੀ ਹੈ। ਲੋਕਾਂ ਦੇ ਦੁੱਖ ਅਤੇ ਦਰਦ ਨੂੰ ਘੱਟ ਕਰਨ ਦੀ ਬਜਾਏ ਉਸ ਨੇ ਜਨਤਾ ਦੇ ਪ੍ਰਤੀ ਅਪਣੀਆਂ ਜ਼ਿੰਮੇਵਾਰੀਆਂ ਤੋਂ ਪੱਲਾ ਝਾੜ ਲਿਆ ਹੈ।