ਬਰਨਾਲਾ : ਕੋਵਿਡ-19 ਮਹਾਮਾਰੀ ਨੂੰ ਲੈ ਕੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ ’ਤੇ ਅਫਵਾਹਾਂ ਫੈਲਾਉਣ ਵਾਲੇ ਗ਼ੈਰ-ਸਮਾਜਿਕ ਅਨਸਰਾਂ ਖਿਲਾਫ਼ ਸਖ਼ਤ ਕਦਮ ਚੁੱਕਦਿਆ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰਵਾਉਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਭਵਿੱਖ ਵਿਚ ਅਜਿਹੇ ਅਨਸਰਾਂ ਨਾਲ ਹੋਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਕਰੋਨਾ ਦਾ ਫੈਲਾਅ ਰੋਕਣ ਲਈ ਸੰਜੀਦਾ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਥਾਨਕ ਸਿਵਲ ਹਸਪਤਾਲ ਬਰਨਾਲਾ ਦੇ ਦੌਰੇ ਮੌਕੇ ਕੀਤਾ।
ਇਸ ਮੌਕੇ ਸਿਹਤ ਮੰਤਰੀ ਸ੍ਰੀ ਸਿੱਧੂ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਆਈਸੀਯੂ ਦਾ ਦੌਰਾ ਕੀਤਾ ਗਿਆ, ਜਿਸ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਆਈਸੀਯੂ ਵਿਚ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਆਈਸੀਯੂ ਨੂੰ ਛੇਤੀ ਚਲਾਉਣ ਦੀ ਹਦਾਇਤ ਕੀਤੀ। ਇਸ ਮੌਕੇ ਸ੍ਰੀ ਸਿੱੱਧੂ ਨੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰੰਦਰਬੀਰ ਸਿੰਘ ਤੋਂ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਮਿਲ ਰਹੀਆਂ ਆਮ ਸੇਵਾਵਾਂ, ਕੋਵਿਡ ਸਬੰਧੀ ਸੇਵਾਵਾਂ ਅਤੇ ਕੋਵਿਡ ਸੈਂਪਲੰਗ ਦਾ ਜਾਇਜ਼ਾ ਲਿਆ ਅਤੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਵਿਡ ਟੈਸਟਿੰਗ ਸਮਰੱਥਾ ਵਧਾਈ ਜਾ ਰਹੀ ਹੈ। ਇਸ ਲਈ ਵੱਧ ਤੋਂ ਵੱਧ ਕੋਵਿਡ ਟੈਸਟ ਕੀਤੇ ਜਾਣ ਤਾਂ ਜੋ ਇਸ ਮਹਾਮਾਰੀ ਨੂੰ ਕੰਟਰੋਲ ਵਿਚ ਕੀਤਾ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਆਈਸੀਯੂ ਵਿਚ ਆਈਓਐਲ ਵੱਲੋਂ ਆਕਸੀਜਨ ਗੈਸ ਪਾਈਪਲਾਈਨ, ਏਸੀ ਅਤੇ ਬੈੱਡ ਮੁਹੱਈਆ ਕਰਾਏ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਬਰਨਾਲਾ ਵਾਸੀਆਂ ਨੂੰ ਸਿਹਤ ਸੇਵਾਵਾਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱੱਤੀ ਜਾਵੇਗੀ।
ਇਸ ਦੌਰਾਨ ਸਿਹਤ ਮੰਤਰੀ ਸ੍ਰੀ ਸਿੱਧੂ ਵੱਲੋਂ ਸੋਹਲ ਪੱਤੀ ਆਈਸੋਲੇਸ਼ਨ ਸੈਂਟਰ ਦਾ ਵੀ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਕੋਵਿਡ ਮਰੀਜ਼ਾਂ ਦਾ ਹਾਲ ਪੁੱੱਛਿਆ। ਇਸ ਮੌਕੇ ਸ੍ਰੀ ਸਿੱਧੂ ਨੇ ਆਖਿਆ ਕਿ ਪੰਜਾਬ ਵਿਚ ਸਿਹਤ ਅਮਲੇ ਦੀਆਂ ਚੰਗੀਆਂ ਸੇਵਾਵਾਂ ਬਦੌਲਤ ਵੱੱਡੀ ਗਿਣਤੀ ਮਰੀਜ਼ ਲਗਾਤਾਰ ਸਿਹਤਯਾਬ ਹੋ ਰਹੇ ਹਨ। ਉਨ੍ਹਾਂ ਬਰਨਾਲਾ ਦੇ ਸਿਹਤ ਅਮਲੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਮਰੀਜ਼ਾਂ ਦਾ ਠੀਕ ਹੋਣ ਚੰਗਾ ਸੰਕੇਤ ਹੈ, ਪਰ ਲੋਕਾਂ ਨੂੰ ਕੋਵਿਡ ਸਾਵਧਾਨੀਆਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ, ਜੋ ਇਸ ਮਹਾਮਾਰੀ ਤੋਂ ਬਚਣ ਦਾ ਮੁੱਢ ਹੈ।
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਮਲੇ ਦੀ ਸਮੇਂ ਸਮੇਂ ’ਤੇ ਨਵੀਂ ਭਰਤੀ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਮਹਾਮਾਰੀ ਦੌਰਾਨ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮਗਰੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰੰਘ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਸਿਹਤ ਮੰਤਰੀ ਨੇ ਆਖਿਆ ਕਿ ਸਿਹਤ ਸੇਵਾਵਾਂ ਵਿਚ ਕਿਤੇ ਕੋਈ ਕਮੀ ਨਹੀਂ ਆਉਣ ਦਿੱੱਤੀ ਜਾ ਰਹੀ ਹੈ। ਆਕਸੀਜਨ ਸਪਲਾਈ ਤੇ ਹੋਰ ਲੋੜੀਂਦੀਆਂ ਪੈਮਾਨਿਆਂ ’ਤੇ ਖਰਾ ਉਤਰਨ ਲਈ ਸਥਿਤੀ ਦੇ ਮੱਦੇਨਜ਼ਰ ਸਬੰਧਤ ਧਿਰਾਂ ਨਾਲ ਰਾਬਤਾ ਬਣਾਇਆ ਹੋਇਆ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂਂ ਕੋਵਿਡ ਕੇਅਰ ਸੈਂਟਰਾਂ ਵਿਚ ਮਰੀਜ਼ਾਂ ਨੂੰ ਪੁਖਤਾ ਸਹੂਲਤਾ ਯਕੀਨੀ ਬਣਾਈਆਂ ਜਾ ਰਹੀਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਦਿਤਯ ਡੇਚਲਵਾਲ, ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ, ਐਸਐਮਓ ਡਾ. ਤਪਿੰਦਰਜੋਤ ਕੌਸ਼ਲ, ਸ੍ਰੀ ਹਰਕੇਸ਼ ਚੰਦ ਸ਼ਰਮਾ ਤੇ ਹੋਰ ਅਧਿਕਾਰੀ ਮੌਜੂਦ ਸਨ।