ਸਰਕਾਰ ਦੀਆਂ ਕਰਜ਼ਾ ਸਕੀਮਾਂ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਰਜ਼ਾ ਕੇਸ ਕਰਨ ਦੀ ਕੀਤੀ ਹਦਾਇਤ
ਬਿਨਾਂ ਕਿਸੇ ਠੋਸ ਕਾਰਨ ਤੋਂ ਕਰਜ਼ਿਆਂ ਦੇ ਕੇਸ ਰੱਦ ਕਰਨ ਵਾਲੇ ਬੈਂਕਾਂ ਦੇ ਅਧਿਕਾਰੀਆਂ ਨੂੰ ਕੀਤੀ ਤਾੜਨਾ
ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕਾਂ ਦੀ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਬੈਂਕਾਂ ਦੀ ਸਲਾਨਾਂ ਕਰਜ਼ਾ ਯੋਜਨਾ ਜਾਰੀ ਕੀਤੀ। ਉਨ੍ਹਾਂ ਸਮੂਹ ਬੈਂਕਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਾਲ ਜ਼ਿਲ੍ਹੇ ਦੇ ਬੈਂਕਾਂ ਵੱਲੋਂ ਕਰਜ਼ਾ ਯੋਜਨਾ ਦੀ ਪ੍ਰਾਪਤੀ ਵਿੰਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਉਸੇ ਤਰ੍ਹਾਂ ਹੀ ਇਸ ਸਾਲ ਦੀ ਜਾਰੀ ਕਰ਼ਜ਼ਾ ਯੋਜਨਾ ਨੂੰ ਵੀ 100 ਫੀਸਦੀ ਹਾਸਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜਾਰੀ ਕੀਤੀ ਗਈ ਕਰਜ਼ਾ ਯੋਜਨਾ ਅਧੀਨ ਖੇਤੀਬਾੜੀ ਲਈ 319 ਕਰੋੜ 52 ਲੱਖ 900/-ਰੁਪਏ, ਛੋਟੇ ਤੇ ਲਘੂ ਉਦਯੋਗਾਂ ਲਈ 438 ਕਰੋੜ 03 ਲੱਖ 800/-ਰੁਪਏ ਅਤੇ ਹੋਰ ਤਰਜ਼ੀਹੀ ਖੇਤਰਾਂ ਲਈ 404 ਕਰੋੜ 4 ਲੱਖ 500/-ਰੁਪਏ ਦੇ ਕਰ਼ਜੇ ਦੇਣ ਦਾ ਟੀਚਾ ਮਿਥਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਰਜ਼ੇ ਦੇ ਕੇਸ ਮਨਜੂਰ ਕੀਤੇ ਜਾਣ ਅਤੇ ਬਿਨਾਂ ਕਿਸੇ ਠੋਸ ਕਾਰਨ ਤੋਂ ਕੋਈ ਵੀ ਕਰਜ਼ਾ ਕੇਸ ਰੱਦ ਨਾ ਕੀਤਾ ਜਾਵੇ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਰੱਦ ਕੀਤੇ ਜਾਣ ਵਾਲੇ ਕਰਜ਼ਾ ਕੇਸਾਂ ਦਾ ਯੋਗ ਤੇ ਢੁਕਵਾਂ ਕਾਰਨ ਜਰੂਰ ਦੱਸਿਆ ਜਾਵੇ। ਤੈਅ ਟੀਚੇ ਤੋਂ ਘੱਟ ਪ੍ਰਾਪਤੀਆਂ ਕਰਨ ਵਾਲੇ ਬੈਂਕਾਂ ਦਾ ਸਖਤ ਨੋਟਿਸ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਅਣਗਹਿਲੀਆਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਘੱਟ ਪ੍ਰਾਪਤੀਆਂ ਕਰਨ ਵਾਲੇ ਬੈਂਕ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ।
ਸ਼੍ਰੀਮਤੀ ਈਸ਼ਾ ਸਿੰਗਲ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਅਧੀਨ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣ ਤਾਂ ਜੋ ਯੋਜਨਾ ਅਧੀਨ ਆਉਣ ਵਾਲੇ ਲਾਭਪਾਤਰੀ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਜ਼ਿਲ੍ਹਾ ਲੀਡ ਮੈਨੇਜਰ ਸ਼੍ਰੀ ਮੁਕੇਸ਼ ਸੈਣੀ ਨੂੰ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤਹਿਤ ਕੀਤੇ ਜਾਣ ਵਾਲੇ ਕਰਜ਼ਾ ਕੇਸਾਂ ਦੀ ਬੈਂਕ ਵਾਇਜ਼ ਸੂਚੀ ਬਣਾ ਕੇ ਦਿੱਤੀ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਕਹਿੜੇ-ਕਹਿੜੇ ਬੈਂਕ ਸਰਕਾਰ ਦੀਆਂ ਸਕੀਮਾਂ ਅਧੀਨ ਕਰਜ਼ੇ ਨਹੀਂ ਦੇ ਰਹੇ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਬੀਮਾ ਯੋਜਨਾ ਦਾ ਵੀ ਵੱਧ ਤੋਂ ਵੱਧ ਪਸ਼ੂ ਪਾਲਕਾਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸ਼੍ਰੀਮਤੀ ਈਸ਼ਾ ਸਿੰਗਲ ਨੇ ਬੈਂਕਾਂ ਦੀ ਸੁਰੱਖਿਆ ਕਮੇਟੀ ਦੀ ਮੀਟਿੰਗ ਵੀ ਕੀਤੀ ਅਤੇ ਬੈਂਕਾਂ ਦੀ ਸੁਰੱਖਿਆ ਬਾਰੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਐਲ.ਬੀ.ਓ. ਸ਼੍ਰੀ ਵਿਸ਼ਾਲ, ਨਬਾਰਡ ਦੇ ਡੀ. ਡੀ.ਐਮ. ਸ਼੍ਰੀ ਸੰਜੀਵ ਕੁਮਾਰ, ਐਲ.ਡੀ.ਐਮ. ਸ਼੍ਰੀ ਮੁਕੇਸ਼ ਸੈਣੀ ਤੋਂ ਇਲਾਵਾ ਸਮੂਹ ਬੈਂਕਾਂ ਦੇ ਬ੍ਰਾਂਚ ਮੈਨੇਜਰ ਤੇ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।