ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਉੱਭਾਵਾਲ ਦੀ ਰਾਜਵੀਰ ਕੌਰ ਵੱਲੋਂ ਪੱਛਮੀ ਬੰਗਾਲ ਦੇ ਸਿਲੀਗੁੜੀ ਵਿਖੇ ਹੋਈ ਜੂਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜਵੀਰ ਕੌਰ ਨੇ ਸੋਨੇ ਦਾ ਤਗਮਾ ਜਿੱਤਕੇ ਪਿੰਡ ਦੇ ਨਾਲ-ਨਾਲ ਜ਼ਿਲ੍ਹਾ ਸੰਗਰੂਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਜੋਕੇ ਸਮੇਂ ਕੁੜੀਆਂ ਅੰਤਰਰਾਸ਼ਟਰੀ ਪੱਧਰ ਤੇ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਪੱਧਰ ਤੇ ਹੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੌਰਾਨ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਨ੍ਹਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ ਹਨ, ਖੇਡਾਂ ਮਨੁੱਖ ਨੂੰ ਤੰਦਰੁਸਤ ਰੱਖਣ ਦੇ ਨਾਲ ਨਾਲ ਭਾਈਚਾਰਕ ਸਾਂਝ ਵਿੱਚ ਵੀ ਵਾਧਾ ਕਰਦੀਆਂ ਹਨ।