ਨਵੀਂ ਦਿੱਲੀ : ਦੇਸ਼ ਵਿਚ ਕਰੋਨਾਵਾਇਰਸ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜੇਕਰ ਬੀਤੇ 24 ਘੰਟਿਆਂ ਦੀ ਰੀਪੋਰਟਾਂ ’ਤੇ ਨਜ਼ਰ ਮਾਰੀ ਜਾਵੇ ਤਾਂ ਦੇਸ਼ ਵਿਚ 4 ਲੱਖ 1 ਹਜ਼ਾਰ 228 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 3 ਲੱਖ 19 ਹਜ਼ਾਰ 469 ਦੇ ਨੇੜੇ ਹੈ। ਕਰੋਨਾਵਾਇਰਸ ਕਾਰਨ ਦੇਸ਼ ਵਿਚ 4,191 ਮੌਤਾਂ ਹੋ ਚੁੱਕੀਆਂ ਹਨ। ਕਰੋਨਾਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਦੇਸ਼ ਵਿੱਚ ਇਕ ਦਿਨ ਵਿੱਚ ਇੰਨੀ ਵੱਡੀ ਗਿਣਤੀ ਵਿਚ ਮਾਮਲਿਆਂ ਦਾ ਆਉਣਾ ਅਤੇ ਇੰਨੀ ਵੱਡੀ ਗਿਣਤੀ ਵਿਚ ਮੌਤਾਂ ਦੀ ਗਿਣਤੀ ਬਹੁਤ ਚਿੰਤਾ ਦਾ ਵਿਸ਼ਾ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕਰੋਨਾਵਾਇਰਸ ਦੇ 19,832 ਪਾਜ਼ੇਟਿਵ ਮਾਮਲੇ ਮਿਲੇ ਹਨ ਅਤੇ 19,085 ਲੋਕ ਠੀਕ ਵੀ ਹੋਏ ਹਨ ਅਤੇ 341 ਮੌਤਾਂ ਹੋਈਆਂ ਹਨ।
ਇਸ ਤੋਂ ਇਲਾਵਾ ਪੰਜਾਬ ਵਿੱਚ ਹਾਲਤ ਵੀ ਦਿਨੋ ਦਿਨ ਵਿਗੜਦੇ ਨਜ਼ਰ ਆ ਰਹੇ ਹਨ। ਸੂਬੇ ਵਿਚ ਬੀਤੇ ਦਿਨ ਕਰੋਨਾਵਾਇਰਸ ਦੇ 8367 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਕ ਦਿਨ ਵਿਚ 165 ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ। ਪੰਜਾਬ ਵਿਚ ਕਰੋਨਾਵਾਇਰਸ ਦੇ 4976 ਮਰੀਜ਼ ਠੀਕ ਹੋਏ ਹਨ। ਸੂਬੇ ਦੇ ਲੁਧਿਆਣਾ ਜ਼ਿਲ੍ਹੇ ਵਿਚ ਕਰੋਨਾਵਾਇਰਸ ਦੇ 1465 ਮਾਮਲੇ ਮਿਲੇ ਹਨ। ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬੇ ਵਿਚ ਲਾਕਡਾਊਨ ਲਗਾਇਆ ਹੋਇਆ ਹੈ।