ਪਟਿਆਲਾ : ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ’ਚ ਪਟਿਆਲਾ ਹਲਕੇ ਦੇ ਉਮੀਦਵਾਰਾਂ ਦੇ ਚੋਣ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ। ਇਸ ਸਬੰਧੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਸਮੂਹ ਉਮੀਦਵਾਰਾਂ ਨੂੰ 30 ਜੂਨ ਨੂੰ ਆਪਣੇ ਚੋਣ ਖਰਚੇ ਦਾ ਮਿਲਾਨ ਚੋਣ ਖਰਚਾ ਨਿਗਰਾਨ ਟੀਮਾਂ ਨੂੰ ਕਰਵਾਉਣ ਲਈ ਕਿਹਾ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਮੁਕੰਮਲ ਹੋਣ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਖਰਚੇ ਦਾ ਮਿਲਾਨ ਕਰਵਾਉਣ ਲਾਜ਼ਮੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰ ਨੂੰ ਆਉਣ ਵਾਲੀਆਂ ਅਗਲੀਆਂ ਚੋਣਾਂ ’ਚ ਆਯੋਗ ਕਰਾਰ ਦਿੱਤਾ ਜਾ ਸਕਦਾ ਹੈ।
ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਹਾਜ਼ਰੀਨ ਨੂੰ ਚੋਣ ਖਰਚਿਆਂ ਨੂੰ ਖਾਤੇ ’ਚ ਦਾਖਲ ਕਰਨ ਸਬੰਧੀ ਟਰੇਨਿੰਗ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲਾਂ ਤਿੰਨ ਵਾਰ 20, 25 ਅਤੇ 30 ਮਈ ਨੂੰ ਖਰਚਿਆਂ ਦਾ ਮਿਲਾਨ ਕੀਤਾ ਜਾ ਚੁੱਕਾ ਹੈ ਤੇ ਇਹ ਆਖਰੀ ਵਾਰ 30 ਜੂਨ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਖਰਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਹ 30 ਜੂਨ ਨੂੰ ਇਸ ਸਬੰਧੀ ਕਮੇਟੀ ਸਾਹਮਣੇ ਆਪਣਾ ਪੱਖ ਪੇਸ਼ ਕਰ ਸਕਦਾ ਹੈ। ਮੀਟਿੰਗ ਵਿੱਚ ਉਮੀਦਵਾਰ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।