ਮਾਲੇਰਕੋਟਲਾ : ਕਿਰਤੀ ਕਿਸਾਨ ਯੂਨੀਅਨ ਜਿਲਾ ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਜਿਲੇ ਭਰ ਵਿੱਚ ਪਾਣੀਆਂ ਦੇ ਮੁੱਦੇ ਤੇ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿਲਾਂ ਆਗੂ ਰੁਪਿੰਦਰ ਸਿੰਘ ਚੌਂਦਾ ਅਤੇ ਮਾਨ ਸਿੰਘ ਸੱਦੋਪੁਰ ਨੇ ਕਿਹਾ ਪਾਣੀਆਂ ਦੇ ਮਾਮਲੇ ਤੇ ਪੰਜਾਬ ਸਰਕਾਰ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਪੰਹੁਚਾਣ ਦੇ ਸਬੰਧੀ ਝੂਠੇ ਅੰਕੜੇ ਪੇਸ਼ ਕਰਕੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪੰਜਾਬ ਦਾ ਪਾਣੀ ਜਿਸ ਢੰਗ ਨਾਲ ਦੂਸਰੇ ਸੂਬਿਆਂ ਨੂੰ ਜਾ ਰਿਹਾ ਹੈ ਇਸ ਮਾਮਲੇ ਤੇ ਅਕਾਲੀਆਂ-ਕਾਂਗਰਸੀਆਂ ਵਾਂਗ ਆਮ ਆਦਮੀ ਪਾਰਟੀ ਵੀ ਗੋਗਲੂਆਂ ਤੋਂ ਮਿੱਟੀ ਹੀ ਝਾੜ ਰਹੀ ਹੈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਉੱਪਰ ਪੰਜਾਬ ਦੇ ਲੋਕਾਂ ਦੀ ਦਾਵੇਦਾਰੀ ਮਜਬੂਤ ਕਰਨ,ਧਰਤੀ ਹੇਠਲੇ ਪਾਣੀ ਨੂੰ ਸੰਭਾਲ ਕੇ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਅਤੇ ਹਰੀ ਕ੍ਰਾਂਤੀ ਦੇ ਜਹਿਰੀਲੇ ਖੇਤੀ ਮਾਡਲ ਦੀ ਥਾਂ ਕਿਸਾਨ ਪੱਖੀ ਕੁਦਰਤ ਪੱਖੀ ਖੇਤੀ ਮਾਡਲ ਨੂੰ ਲਾਗੂ ਕਰਵਾਉਣ ਦੇ ਲਈ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹੇ ਭਰ ਵਿੱਚ ਪਿੰਡ ਪੱਧਰੀ ਮਹਿਮਾ ਚਲਾਏਗੀ ਅਤੇ ਆਪਣੇ ਜਥੇਬੰਦਕ ਤਾਣੇ ਬਾਣੇ ਨੂੰ ਮਜ਼ਬੂਤ ਕਰਕੇ ਵੱਡਾ ਜਨਤਕ ਸੰਘਰਸ਼ ਉਭਾਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਜਿਲਾਂ ਆਗੂ ਚਮਕੌਰ ਸਿੰਘ ਹਥਨ,ਹਰਜਿੰਦਰ ਸਿੰਘ ਚੌਂਦਾ,ਚੇਤ ਸਿੰਘ ਦਲੇਲਗੜ੍ਹ,ਕੈਪਟਨ ਨਿਰਮਲ ਸਿੰਘ ਰੁੜਕਾ ,ਗੁਰਮੇਲ ਸਿੰਘ ਮਦੇਵੀ ਅਤੇ ਕੁਲਵਿੰਦਰ ਸਿੰਘ ਮਦੇਵੀ ਆਦਿ ਕਿਸਾਨ ਆਗੂ ਹਾਜ਼ਰ ਸਨ।