ਜ਼ਿਲ੍ਹੇ ਅੰਦਰ ਸੜਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਹੋਵੇ ਪਾਲਣਾ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ : ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਅਦਾ ਕਰਨ ਤਾਂ ਜੋ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਠੱਲ ਪਾਈ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਖੇਤਰੀ ਟਰਾਂਸਪੋਰਟ ਅਫਸਰ ਅਤੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਓਵਰ ਲੋਡਿਡ ਬੱਸਾਂ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨਾਂ ਦੇ ਚਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਅੱਜ ਕੱਲ ਵਾਹਨ ਚਲਾਉਣ ਸਮੇਂ ਮੋਬਾਇਲ ਫੋਨਾਂ ਦੀ ਵਰਤੋਂ ਕਰਨ ਦਾ ਚਲਣ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਕਈ ਵਾਰ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨਾਂ ਦੀ ਵਰਤੋਂ ਕਰਨ ਨਾਲ ਹਾਦਸੇ ਵਾਪਰ ਜਾਂਦੇ ਹਨ। ਇਸ ਲਈ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨਾਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੱਟਣ ਵਿੱਚ ਵੀ ਤੇਜੀ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਵਾਜਾਈ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਟਰੈਫਿਕ ਪੁਲਿਸ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਲਗਭਗ 2500 ਚਲਾਨ ਕੀਤੇ ਗਏ ਹਨ ਅਤੇ ਸਕੂਲਾਂ, ਕਾਲਜ਼ਾਂ, ਟੈਂਪੂ ਯੂਨੀਅਨਾਂ, ਟਰੱਕ, ਟਰੈਕਟਰ ਤੇ ਮਿੰਨੀ ਬੱਸ ਯੂਨੀਅਨਾਂ ਆਦਿ ਸਥਾਨਾਂ ਤੇ 32 ਜਾਗਰੂਕਤਾ ਕੈਂਪ ਲਗਾਏ ਗਏ ਹਨ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਕੂਲੀ ਬੱਸਾਂ ਦੇ ਡਰਾਇਵਰਾਂ ਡਰਾਈਵਿੰਗ ਲਾਇਸੈਂਸ ਤੇ ਹੋਰ ਜਰੂਰੀ ਕਾਗਜ਼ਾਤ ਹੋਣੇ ਜਰੂਰੀ ਹਨ ਇਸ ਲਈ ਇਨ੍ਹਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਕਿਸੇ ਕਿਸਮ ਦਾ ਖ਼ਤਰਾ ਪੈਦਾ ਨਾ ਹੋ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੀ.ਟੀ. ਰੋਡ ਤੇ ਹੋਰ ਸੜਕਾਂ ਤੇ ਲੋਕਾਂ ਵੱਲੋਂ ਲਗਾਏ ਗਏ ਅਣਅਧਿਕਾਰਤ ਕੱਟਾਂ ਨੂੰ ਬੰਦ ਕਰਵਾਉਣ ਵਾਸਤੇ ਤੁਰੰਤ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਖੇਤਰੀ ਟਰਾਂਸਪੋਰਟ ਅਫਸਰ ਸ਼੍ਰੀ ਨਮਨ ਮੜਕਨ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਦੀਪ ਸਿੰਘ, ਡੀ.ਐਸ.ਪੀ. ਸੰਜੀਵ ਗੋਇਲ, ਏ.ਡੀ.ਟੀ. ਓ. ਪ੍ਰਦੀਪ ਸਿੰਘ, ਟਰੈਫਿਕ ਇੰਚਾਰਜ ਰਾਜਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।