ਦੋਸ਼ੀਆਂ ਦੀ ਜਲਦੀ ਗ੍ਰਿਫਤਾਰੀ ਲਈ ਮੋਹਾਲੀ ਦੇ ਐੱਸ.ਐੱਸ.ਪੀ ਨੂੰ ਕੀਤਾ ਫ਼ੋਨ
ਮੋਹਾਲੀ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ, ਕਿਸੇ ਨੂੰ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫੇਜ਼ 10, ਮੋਹਾਲੀ ਦੀ ਜਿਊਲਰੀ ਸ਼ਾਪ ਜਿੱਥੇ ਬੀਤੇ ਦਿਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰ ਦੀ ਨੋਕ 'ਤੇ ਲੁੱਟ ਕੀਤੀ ਗਈ ਸੀ, ਦਾ ਦੌਰਾ ਕਰਕੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ।
ਸ੍ਰੀ ਵਰਮਾ ਨੇ ਕਿਹਾ ਕਿ ਉਨ੍ਹਾਂ ਦੀ ਇਸ ਮੁੱਦੇ ’ਤੇ ਪਹਿਲਾਂ ਹੀ ਐਸਐਸਪੀ ਡਾਕਟਰ ਸੰਦੀਪ ਗਰਗ ਨਾਲ ਗੱਲ ਹੋ ਚੁੱਕੀ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਦੋਸ਼ੀ ਜਲਦੀ ਹੀ ਸਲਾਖਾਂ ਦੇ ਪਿੱਛੇ ਹੋਣਗੇ ਅਤੇ ਪੁਲੀਸ ਟੀਮਾਂ ਪਹਿਲਾਂ ਹੀ ਉਨ੍ਹਾਂ ਦੀ ਭਾਲ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਭੈੜੇ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜ਼ੀਰੋ ਬਰਦਾਸ਼ਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਦਿਨ-ਦਿਹਾੜੇ ਵਾਪਰੀ ਇਸ ਘਟਨਾ ਦਾ ਵੀ ਸਖ਼ਤ ਨੋਟਿਸ ਲਿਆ ਹੈ ਅਤੇ ਭਵਿੱਖ ਵਿੱਚ ਅਜਿਹੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕੇ। ਪੁਲਿਸ ਦੀ ਮਦਦ ਨਾਲ ਉਚਿਤ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਵਪਾਰੀਆਂ ਨੂੰ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਅਪਰਾਧੀਆਂ ਪ੍ਰਤੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਸ਼ਹਿਰ ਦੇ ਰੁਝੇਵਿਆਂ ਵਾਲੇ ਇਲਾਕਿਆਂ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਗਸ਼ਤ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦਾ ਪ੍ਰੋਜੈਕਟ ਚੱਲ ਰਿਹਾ ਹੈ ਜੋ ਕਿ ਲਗਭਗ 401 ਕੈਮਰਿਆਂ ਦੇ ਨਾਲ ਸ਼ਹਿਰ ਵਾਸੀਆਂ ਲਈ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਵਿੱਚ ਹੋਰ ਮਦਦ ਕਰੇਗਾ।