ਸੁਨਾਮ : ਪੰਜਾਬ ਦੇ ਸਾਬਕਾ ਮੰਤਰੀ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ’ ਗੁਰੂ ਨਾਨਕ ਦੇਵ ਡੈਂਟਲ ਕਾਲਜ਼ ਸੁਨਾਮ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਵਿਜੈ ਸਿੰਗਲਾ, ਵਿਧਾਇਕ ਜਮੀਲ ਉਰ ਰਹਿਮਾਨ, ਵਿਧਾਇਕ ਜਗਸੀਰ ਸਿੰਘ, ਵਿਧਾਇਕ ਦੇਵ ਸਿੰਘ ਮਾਨ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਐਮ ਐਲ ਏ ਕੁਲਵੰਤ ਸਿੰਘ ਪੰਡੋਰੀ, ਐਮਐਲਏ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਐਮਐਲਏ ਰੋਪੜ ਅਮਰਜੀਤ ਸਿੰਘ ਸਮੇਤ ਹੋਰਨਾਂ ਸ਼ਖਸ਼ੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਬਾਬੂ ਭਗਵਾਨ ਦਾਸ ਅਰੋੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਹੋਰਨਾਂ ਲਈ ਚਾਨਣ ਮੁਨਾਰਾ ਸਨ। ਉਹਨਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਸਰਗਰਮ ਰਹਿਣ ਵਾਲੀਆਂ ਨੇਕ ਰੂਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਂਦਾ ਹੈ ਅਤੇ ਉਹਨਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਇਹ ਸ਼ਰਧਾਂਜਲੀ ਸਮਾਗਮ, ਜ਼ਿੰਦਗੀ ਵਿੱਚ ਉਹਨਾਂ ਵੱਲੋਂ ਕੀਤੀਆਂ ਨੇਕ ਕਮਾਈਆਂ ਦਾ ਸਪਸ਼ਟ ਸਬੂਤ ਹੈ। ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਨਸਾ ਵਿਜੈ ਸਿੰਗਲਾ, ਜਮੀਲ ਉਰ ਰਹਿਮਾਨ, ਮਾਸਟਰ ਜਗਸੀਰ ਸਿੰਘ ਅਤੇ ਦੇਵ ਸਿੰਘ ਮਾਨ ਨੇ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੇ ਸਪੁੱਤਰ ਅਮਨ ਅਰੋੜਾ ਵੀ ਆਪਣੇ ਪਿਤਾ ਵਾਂਗ ਹੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਲੋਕ ਸੇਵਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਬਾਬੂ ਭਗਵਾਨ ਦਾਸ ਨੇ ਇਲਾਕੇ ਦੀ ਸੇਵਾ ਦਾ ਸੰਕਲਪ ਮਨ ਵਿੱਚ ਲੈ ਕੇ ਇਹ ਡੈਂਟਲ ਕਾਲਜ ਇਥੇ ਸਥਾਪਤ ਕੀਤਾ ਸੀ ਤਾਂ ਜੋ ਇਥੋਂ ਦੇ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਸੁਵਿਧਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਨਸਾਨੀਅਤ ਦੇ ਭਲੇ ਲਈ ਕੰਮ ਕਰਨ ਵਾਲੇ ਹਮੇਸ਼ਾਂ ਯਾਦ ਰੱਖੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਰੋੜਾ ਪਰਿਵਾਰ ਨੇ ਨੇਕ ਦਿਲੀ ਨਾਲ ਹਮੇਸ਼ਾਂ ਹੀ ਗਰੀਬਾਂ ਤੇ ਲੋੜਵੰਦਾਂ ਦੀ ਮਦਦ ਕੀਤੀ ਹੈ ਅਤੇ ਬਾਬੂ ਭਗਵਾਨ ਦਾਸ ਅਰੋੜਾ ਦੇ ਪਦਚਿੰਨ੍ਹਾਂ ’ਤੇ ਚੱਲ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਪੂਰੀ ਤਨਦੇਹੀ ਨਾਲ ਲੋਕ ਸੇਵਾ ਚ ਜੁਟੇ ਹੋਏ ਹਨ।
ਅਖੀਰ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਹਨਾਂ ਦੇ ਪਿਤਾ ਜੀ ਦੇ ਸਦੀਵੀ ਵਿਛੋੜੇ ਤੋਂ 24 ਸਾਲ ਬਾਅਦ ਵੀ ਉਹਨਾਂ ਦੇ ਪਿਤਾ ਦੁਆਰਾ ਕੀਤੇ ਲੋਕ ਪੱਖੀ ਕਾਰਜਾਂ ਨੂੰ ਮਾਣ ਸਤਿਕਾਰ ਮਿਲਦਾ ਪਿਆ ਹੈ ਜੋ ਕਿ ਪਰਮਾਤਮਾ ਦੀ ਵੱਡੀ ਮਿਹਰ ਦੇ ਸਦਕਾ ਹੀ ਸੰਭਵ ਹੋ ਸਕਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਵਿਧਾਨ ਸਭਾ ਹਲਕਾ ਸੁਨਾਮ ਨੂੰ ਮਾਡਲ ਹਲਕੇ ਵਜੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਾਰਜਸ਼ੀਲ ਹਨ। ਸ਼ਰਧਾਂਜਲੀ ਸਮਾਰੋਹ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮਾਤਾ ਪਰਮੇਸ਼ਵਰੀ ਦੇਵੀ, ਰਾਧਿਕਾ ਅਰੋੜਾ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਘਣਸ਼ਿਆਮ ਕਾਂਸਲ, ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਇਸ਼ਵਰ ਗਰਗ, ਸਾਬਕਾ ਕੌਂਸਲਰ ਬਲਜੀਤ ਸਿੰਘ, ਕੌਂਸਲਰ ਆਸ਼ਾ ਬਜਾਜ਼, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।