ਮਾਲੇਰਕੋਟਲਾ : ਮੁੱਖ ਖ ਮੰਤਰੀ ਪੰਜਾਬ ਸ:ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ‘ਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕ ਮੁਹਿੰਮ ਅਤੇ ਨੌਜਵਾਨ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਸਥਾਨਿਕ ਡਾਕਟਰ ਜ਼ਾਕਿਰ ਹੁਸੈਨ ਖੇਡ ਸਟੇਡੀਅਮ ਵਿਖੇ ਦੋ ਰੋਜਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ ਨੇ ਦਿੱਤੀ।
ਇਨ੍ਹਾਂ ਖੇਡਾਂ ਕਰਵਾਉਣ ਦਾ ਮਕਸਦ ਜ਼ਿਲ੍ਹਾ ਵਿਖੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਫੈਲਾਉਣਾ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਇਸ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ ਆਰੰਭੀ ਗਈ ਇਸ ਲੜਾਈ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਵੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੇ ਪਹਿਲੇ ਦਿਨ 4 ਜੁਲਾਈ ਨੂੰ ਕ੍ਰਿਕੇਟ ਟੂਰਨਾਮੈਂਟ ਅਤੇ 5 ਜੁਲਾਈ ਨੂੰ ਕੁਸ਼ਤੀ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ ।