ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਅ ਲਈ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪਾਰਦਰਸ਼ੀ ਤਰੀਕੇ ਨਾਲ ਤੈਅ ਸਮੇਂ ਵਿਚ ਯਕੀਨੀ ਬਣਾਉਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ " ਸੁਆਗਤ" ਤੇ "ਮੁੱਖ ਮੰਤਰੀ ਸਹਾਇਤਾ ਕੇਂਦਰ" ਸਥਾਪਿਤ ਕੀਤਾ ਗਿਆ ਹੈ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਇਸ ਕੇਂਦਰ ਦੀ ਸਥਾਪਨਾ ਜਨਤਕ ਸੇਵਾਵਾਂ ਨੂੰ ਵਧਾਉਣ ਅਤੇ ਪ੍ਰਸ਼ਾਸਨ ਦੇ ਲੋਕਾਂ ਨਾਲ ਸੰਪਰਕ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ " ਸੁਆਗਤ" ਤੇ "ਮੁੱਖ ਮੰਤਰੀ ਸਹਾਇਤਾ ਕੇਂਦਰ" ਉਨ੍ਹਾਂ ਦੇ ਦਫ਼ਤਰੀ ਆਹਤੇ 'ਚ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਉਹ ਨਿੱਜੀ ਤੌਰ ਤੇ ਨਿਘਰਾਨੀ ਕਰ ਸਕਣ । ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ । ਉਨ੍ਹਾਂ ਹੋਰ ਦੱਸਿਆ ਕਿ " ਸੁਆਗਤ" ਤੇ "ਮੁੱਖ ਮੰਤਰੀ ਸਹਾਇਤਾ ਕੇਂਦਰ" ਸਥਾਪਿਤ ਕਰਨ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਉਨ੍ਹਾਂ ਦੀ ਸਰਕਾਰੀ ਸੁਵਿਧਾਵਾਂ/ਪ੍ਰਸ਼ਾਸਨ ਕੰਮ ਕਰਵਾਉਣ ਵਿਚ ਮਦਦ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ । ਸਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ।ਉਨ੍ਹਾਂ ਇਸ ਕੇਂਦਰ ਦੀ ਕਾਰਜ ਪ੍ਰਣਾਲੀ ਬਾਰੇ ਦੱਸਦਿਆ ਕਿਹਾ ਕਿ ਇੱਕ ਵਾਰ ਜਦੋਂ ਕੋਈ ਵਿਅਕਤੀ ਕਿਸੇ ਵਿਸ਼ੇਸ਼ ਸ਼ਿਕਾਇਤ/ਕੰਮ ਲਈ ਆਪਣੀ ਬਿਨੇ ਪੱਤਰ ਜਮ੍ਹਾਂ ਕਰਾਉਂਦਾ ਹੈ, ਤਾਂ ਇਸ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ । ਉਨ੍ਹਾਂ ਹੋਰ ਦੱਸਿਆ ਕਿ ਇੱਥੇ ਇੱਕ ਸਮਰਪਿਤ ਟੀਮ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰਾ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਸਹੂਲਤ ਦੇਵੇਗੀ ਤਾਂ ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ ਅਤੇ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਡਿਪਟੀ ਕਮਿਸ਼ਨਰ ਵਿੱਚ ਸਥਾਪਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਆਮ ਲੋਕ ਵਿਸ਼ੇਸ਼ ਵਿੰਡੋ ਰਾਹੀਂ ਸੂਬਾ ਹੈੱਡਕੁਆਰਟਰ ਪੱਧਰ 'ਤੇ ਆਪਣੀਆਂ ਸ਼ਿਕਾਇਤਾਂ ਦੇ ਸਕਣਗੇ। ਇਸ ਤੋਂ ਇਲਾਵਾ ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਬਾਰੇ ਜਾਣ ਸਕਣਗੇ । ਇਹ " ਸੁਆਗਤ" ਤੇ "ਮੁੱਖ ਮੰਤਰੀ ਸਹਾਇਤਾ ਕੇਂਦਰ" ਸਾਰੇ ਕੰਮਕਾਜ਼ੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹੇਗਾ । ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਿਯਮਤ ਤੌਰ ਦੇ ਕੰਮਾਂ ਨੂੰ ਸਮਾਂਬੱਧ ਅਤੇ ਫੌਰੀ ਤੌਰ 'ਤੇ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਉਹ ਸਾਰੀਆਂ ਫਾਈਲਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ ਤਾਂ ਜੋ ਲੋਕਾਂ ਨੂੰ ਆਪਣੇ ਰੁਟੀਨ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।