ਹੁਣ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਦਫ਼ਤਰਾਂ ਵਿਚ ਖੱਜਲ ਖੁਆਰ ਹੋਣ ਦੀ ਲੋੜ ਨਹੀਂ – ਡਾ ਜਮੀਲ ਉਰ ਰਹਿਮਾਨ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸ਼ੁਰੂ ਹੋਏ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ
ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ "ਆਪ ਦੀ ਸਰਕਾਰ ਆਪ ਦੇ ਦੁਆਰ"ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਲੜੀ ਤਹਿਤ ਅੱਜ ਮਾਲੇਰਕੋਟਲਾ ਸਬ ਡਵੀਜਨ ਦੇ ਪਿੰਡ ਫਿਰੋਜਪੁਰ ਕੁਠਾਲਾ ਵਿਖੇ ਫਿਲਡ ਵਿਜਟ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ ਲਗਾਇਆ ਗਿਆ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜਨਾਂ ਦੇ ਸਾਰੇ ਪਿੰਡਾਂ ਵਿੱਚ ਲਗਾਏ ਜਾਣਗੇ ਤਾਂ ਜੋ ਪਿੰਡ ਦੇ ਲੋਕਾਂ ਆਪਣੇ ਰੁਕੇ ਹੋਏ ਨਿੱਜੀ ਅਤੇ ਸਾਂਝੇ ਕੰਮ ਆਪਣੇ ਘਰਾਂ ਦੇ ਨੇੜੇ ਕਰਵਾ ਸਕਣ ਅਤੇ ਪ੍ਰਸਾਸ਼ਨਿਕ ਸੁਵਿਧਾ ਦਾ ਫਾਇਦਾ ਹੇਠਲੇ ਪੱਧਰ ਤੱਕ ਮਿਲ ਸਕੇ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ ਰਿਹਾ ਹੋਵੇ। ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਲਈ ਸਿਰਕਤ ਕਰਨ । ਇਨ੍ਹਾਂ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਤਾਂ ਜੋ ਮੌਕੇ 'ਤੇ ਹੀ ਯੋਗ ਸਮੱਸਿਆਵਾਂ ਦਾ ਹੱਲ ਕਰਨ ਦਾ ਉਪਰਾਲਾ ਕੀਤਾ ਜਾ ਸਕੇ । ਇਸ ਕੈਂਪ ਵਿਚ ਪਿੰਡ ਦੇ ਲੋਕਾਂ ਨੇ ਸ਼ਿਰਕਤ ਕਰਕੇ ਆਪਣੇ ਰੁਕੇ ਕੰਮ ਕਰਵਾਏ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਹਾਸ਼ਲ ਕੀਤੀ ।ਇਸ ਉਪਰੰਤ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਅਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪਿੰਡ ਦੇ ਸ਼ਹੀਦੀ ਦਰਵਾਜਾ ਤੋਂ ਬਹਾਰ ਤੱਕ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਤਹਿਤ ਬਣਨ ਵਾਲੀ ਸੜਕ ਦਾ ਜਾਇਜਾ ਵੀ ਲਿਆ । ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ.,ਡੀ.ਐਸ.ਪੀ.ਸ੍ਰੀ ਗੁਰਦੇਵ ਸਿੰਘ,ਚੇਅਰਮੈਨ ਮਾਰਕੀਟ ਕਮੇਟੀ ਕਰਮਜੀਤ ਸਿੰਘ ਕੁਠਾਲਾ, ਨੌਜਵਾਨ ਅਗਾਵਧੂ ਕਿਸਾਨ ਸ੍ਰੀ ਗੁਰਪ੍ਰੀਤ ਸਿੰਘ ਕੁਠਾਲਾ, ਬੀ.ਡੀ.ਪੀ.ਓ ਸ੍ਰੀਮਤੀ ਰਿੰਪੀ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਜਗਦੀਪ ਇੰਦਰ ਸਿੰਘ ਸੋਢੀ,ਸੀ.ਡੀ.ਪੀ.ਓ ਸ੍ਰੀਮਤੀ ਨੇਹਾ,ਬੀ.ਡੀ.ਪੀ.ਓ ਸ੍ਰੀ ਅਜੈ ਕੁਮਾਰ,ਐਸ.ਡੀ.ਓ. ਇੰਜ.ਯੁਦਵੀਰ ਸਿੰਘ, ਰਮਿੰਦਰ ਸਿੰਘ,ਅਮ੍ਰਿਤਪਾਲ ਸਿੰਘ,ਗੁਰਮੀਤ ਸਿੰਘ, ਬਲਵੀਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ ।