ਚੰਡੀਗੜ੍ਹ : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿਚ ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰ ਰਹੇ ਹੜਤਾਲੀ ਮੁਲਾਜ਼ਮਾਂ ਨੂੰ ਕੰਮ ’ਤੇ ਪਰਤਣ ਦੀ ਮੁੜ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਪਹਿਲਾਂ ਹੀ ਹਾਲਾਤ ਖ਼ਰਾਬ ਚੱਲ ਰਹੇ ਹਨ ਅਤੇ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਨਾਲ ਦਫ਼ਤਰੀ ਕੰਮ ਪ੍ਰਭਾਵਤ ਹੋ ਰਿਹਾ ਹੈ। ਸਿੱਧੂ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਗੱਲਬਾਤ ਮਗਰੋਂ ਉਨ੍ਹਾਂ ਦੀ ਤਨਖ਼ਾਹ ਵਿਚ ਚੋਖਾ ਵਾਧਾ ਕੀਤਾ ਗਿਆ ਹੈ ਅਤੇ ਪਿਛਲੇ ਸਾਲ ਅਪ੍ਰੈਲ ਵਿਚ ਵੀ ਵਾਧਾ ਕੀਤਾ ਗਿਆ ਸੀ। ਉਨ੍ਹਾਂ ਚੇਤਾਵਨੀ ਦਿਤੀ ਕਿ ਸਾਰੇ ਹੜਤਾਲੀ ਮੁਲਾਜ਼ਮ 10 ਮਈ ਸਵੇਰੇ 10 ਵਜੇ ਤਕ ਡਿਊਟੀ ਜੁਆਇਨ ਕਰਨ ਅਤੇ ਜੇ ਉਹ ਇੰਜ ਨਹੀਂ ਕਰਦੇ ਤਾਂ ਇਨ੍ਹਾਂ ਮੁਲਾਜ਼ਮਾਂ ਦੀਆਂ ਠੇਕੇ ਦੀਆਂ ਸੇਵਾਵਾਂ ਤੁਰੰਤ ਖ਼ਤਮ ਕਰ ਦਿਤੀਆਂ ਜਾਣਗੀਆਂ ਅਤੇ ਭਵਿੱਖ ਵਿਚ ਸਿਹਤ ਵਿਭਾਗ ਅਧੀਨ ਕਿਸੇ ਵੀ ਅਸਾਮੀ ਲਈ ਇਨ੍ਹਾਂ ਮੁਲਾਜ਼ਮਾਂ ਨੂੰ ਵਿਚਾਰਿਆ ਨਹੀਂ ਜਾਵੇਗਾ।