ਸੁਨਾਮ : ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਨਜ਼ਦੀਕ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਤਹਿਤ ਜਿਲਾ ਸੰਗਰੂਰ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਇਨੀ ਦਿਨੀ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਤੇ ਸੁਨਾਮ ਵਿਖੇ ਆਯੋਜਿਤ ਅਜਿਹੇ ਹੀ ਇੱਕ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕੈਂਪ ਵਿਚ ਨਾਗਰਿਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਉਹਨਾਂ ਇਸ ਕਾਰਜ ਲਈ ਉਥੇ ਤੈਨਾਤ ਵੱਖ ਵੱਖ ਵਿਭਾਗਾਂ ਦੇ ਅਮਲੇ ਨਾਲ ਗੱਲਬਾਤ ਕੀਤੀ ਅਤੇ ਨਿਰਧਾਰਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਪੁੱਛਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਪ੍ਰਸ਼ਾਸ਼ਨਿਕ ਸੇਵਾਵਾਂ ਨਿਰਧਾਰਤ ਸਮੇਂ ਅੰਦਰ ਪ੍ਰਦਾਨ ਕਰਵਾਉਣ ਦੇ ਸਪਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਜਿਸ ਦੀ ਪਾਲਣਾ ਕਰਨਾ ਹਰੇਕ ਅਧਿਕਾਰੀ ਤੇ ਕਰਮਚਾਰੀ ਦਾ ਨੈਤਿਕ ਫਰਜ਼ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਵਿੱਚ ਪੜਾਅਵਾਰ ਢੰਗ ਨਾਲ ਅਜਿਹੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਇਸ ਅਧੀਨ ਜਿੱਥੇ ਹਰ ਇੱਕ ਪਿੰਡ ਨੂੰ ਕਲਸਟਰ ਬਣਾ ਕੇ ਦਾਇਰੇ ਅਧੀਨ ਲਿਆਂਦਾ ਜਾ ਰਿਹਾ ਹੈ ਉਥੇ ਹੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵੀ ਅਜਿਹੇ ਕੈਂਪ ਲੱਗ ਰਹੇ ਹਨ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਉਨਾਂ ਦਾ ਸਟਾਫ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾ ਰਿਹਾ ਹੈ। ਨਿਆਈ ਵਾਲੀ ਧਰਮਸ਼ਾਲਾ ਵਿੱਚ ਲੱਗੇ ਇਸ ਕੈਂਪ ਦੌਰਾਨ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਸੁਨਾਮ ਵਿੱਚ ਨਿਯਮਤ ਤੌਰ ਤੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਹਰ ਇੱਕ ਕੈਂਪ ਵਿੱਚ ਵੱਡੀ ਗਿਣਤੀ ਲੋੜਵੰਦ ਲੋਕ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਆਪਣੇ ਕੰਮਕਾਰ ਕਰਵਾਉਣ ਲਈ ਸਰਕਾਰੀ ਵਿਭਾਗਾਂ ਦੇ ਚੱਕਰ ਨਾ ਕੱਟਣੇ ਪੈਣ।