ਮਹਿੰਦਰ ਭਗਤ ਦੀ ਜਿੱਤ ਤੇ ਵਿਧਾਇਕ ਦੀ ਅਗਵਾਈ ਵਿੱਚ ਵੰਡੇ ਗਏ ਲੱਡੂ
ਬਸੀ ਪਠਾਣਾ : ਜਲੰਧਰ ਪੱਛਮੀ ਦੀ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਵੱਡੀ ਜਿੱਤ ਦੇ ਖੁਸ਼ੀ ਵਿੱਚ ਬਸੀ ਪਠਾਣਾ ਵਿਖੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਲੱਡੂ ਵੰਡੇ ਗਏ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹੈਪੀ ਨੇ ਕਿਹਾ ਕਿ ਜਲੰਧਰ ਪੱਛਮੀ ਦੀ ਜਿੱਤ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਫੈਸਲਿਆਂ ਕਾਰਨ ਲੋਕਾਂ ਵਿੱਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਜਿੱਤ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਪ੍ਰਤੀ ਪੰਜਾਬੀ ਲੋਕਾਂ ਦਾ ਵਿਸ਼ਵਾਸ ਪੂਰੀ ਤਰਹਾਂ ਅਡੋਲ ਹੈ ਅਤੇ ਉਹ ਕਿਸੇ ਕਿਸਮ ਦੇ ਗੁਮਰਾਹਕੁਨ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ। ਉਹਨਾਂ ਕਿਹਾ ਕਿ ਇਸ ਜਿੱਤ ਨੇ ਪਾਰਟੀ ਦੇ ਵਰਕਰਾਂ ਵਿੱਚ ਇੱਕ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ ਅਤੇ ਹੁਣ ਸਾਡੀ ਸਰਕਾਰ ਹੋਰ ਵਧੇਰੇ ਤਕੜੀ ਹੋ ਕੇ ਲੋਕਾਂ ਦੇ ਕੰਮਾਂ ਨੂੰ ਸਿਰੇ ਚੜਾਵੇਗੀ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਵੀ ਪਾਰਟੀ ਦੇ ਮੁੱਖ ਮੰਤਰੀ ਦੇ ਦਿਲ ਵਿੱਚ ਪੰਜਾਬ ਪੰਜਾਬੀ ਤੇ ਪੰਜਾਬੀਅਤ ਪ੍ਰਤੀ ਸੱਚੀ ਹਮਦਰਦੀ ਨਹੀਂ ਦਿਖੀ ਜਿਸ ਕਾਰਨ ਪੰਜਾਬ ਵਿਕਾਸ ਪੱਖੋਂ ਪਿੱਛੇ ਜਾਂਦਾ ਰਿਹਾ ਪਰੰਤੂ ਜਦੋਂ ਤੋਂ ਸਰਦਾਰ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਹੀ ਸੂਬੇ ਅੰਦਰ ਰਿਕਾਰਡ ਵਿਕਾਸ ਕੀਤਾ ਗਿਆ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹ ਦਿੰਦੇ ਹੋਏ ਪਹਿਲ ਦੇ ਆਧਾਰ ਤੇ ਪੂਰਾ ਕੀਤਾ। ਉਹਨਾਂ ਕਿਹਾ ਕਿ ਸ਼੍ਰੀ ਮਹਿੰਦਰ ਭਗਤ ਇੱਕ ਇਮਾਨਦਾਰ ਸ਼ਖਸ਼ੀਅਤ ਦੇ ਮਾਲਕ ਹਨ ਜਿਹੜੇ ਹਰ ਵੇਲੇ ਲੋੜਵੰਦਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ ਉਹਨਾਂ ਦੇ ਵਿਧਾਨ ਸਭਾ ਵਿੱਚ ਜਾਣ ਨਾਲ ਜਲੰਧਰ ਪੱਛਮੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਛੇਤੀ ਹੱਲ ਹੋਣਗੀਆਂ ਤੇ ਹਲਕੇ ਨੂੰ ਵਿਕਾਸ ਪੱਖੋਂ ਮਾਡਲ ਹਲਕਾ ਬਣਾਇਆ ਜਾਵੇਗਾ।