ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਾਗਰਿਕ ਨੂੰ ਪੀਣ ਵਾਲੇ ਪਾਣੀ ਸਬੰਧੀ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਜਾਂ ਪੀਣ ਵਾਲਾ ਪਾਣੀ ਸਾਫ ਨਹੀਂ ਤਾਂ ਉਸ ਪਾਣੀ ਦੀ ਪੀਣ ਲਈ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਪੀਣ ਵਾਲੇ ਪਾਣੀ ਸਬੰਧੀ ਸ਼ਿਕਾਇਤ ਵਾਸਤੇ ਸ਼ਹਿਰੀ ਖੇਤਰ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਦਫ਼ਤਰ ਦੇ ਫੋਨ ਨੰਬਰ 01763-232216 ਅਤੇ ਦਿਹਾਤੀ ਖੇਤਰ ਦੇ ਨਾਗਰਿਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਦੇ ਫੋਨ ਨੰਬਰ 01763-232186 ਤੇ ਸੰਪਰਕ ਕਰਨ ਤਾਂ ਜੋ ਸਾਫ ਸੁਥਰੇ ਪੀਣ ਵਾਲੇ ਪਾਣੀ ਮੁਹੱਈਆ ਕਰਵਾਉਣ ਸਬੰਧੀ ਤੁਰੰਤ ਅਗਲੇਰੀ ਕਾਰਵਾਈ ਕਰਕੇ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ।
ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਵਾਸਤੇ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਬਰਸਾਤੀ ਸੀਜ਼ਨ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।