ਮੋਹਾਲੀ : ਸਿਹਤ ਤੇ ਪਰਵਾਰ ਭਲਾਈ ਮੰਤਰੀ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਅੱਜ ਫ਼ੇਜ਼ 7 ਵਿਚ ਪੈਂਦੇ ਸ਼ਹਿਰੀ ਮੁੱਢਲੇ ਸਿਹਤ ਕੇਂਦਰ (ਯੂ.ਪੀ.ਐਚ.ਸੀ.) ਤੋਂ ਉਸਾਰੀ ਮਜ਼ਦੂਰਾਂ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੁਆਰਾ 18 ਤੋਂ 44 ਸਾਲ ਤਕ ਦੀ ਉਮਰ ਦੇ ਰਜਿਸਟਰਡ ਉਸਾਰੀ ਮਜ਼ਦੂਰਾਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਦਸਿਆ ਕਿ ਫ਼ਿਲਹਾਲ ਰਜਿਸਟਰਡ ਉਸਾਰੀ ਮਜ਼ਦੂਰਾਂ ਨੂੰ ਕੋਵਿਡ ਤੋਂ ਬਚਾਅ ਲਈ ਟੀਕੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਉਨ੍ਹਾਂ ਦੇ ਪਰਵਾਰਾਂ ਨੂੰ ਵੀ ਟੀਕੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਦਵਾਈ ਦੀ ਸਪਲਾਈ ਵਧਣ ਨਾਲ ਟੀਕਾਕਰਨ ਮੁਹਿੰਮ ਤਹਿਤ ਹਰ ਉਮਰ ਵਰਗ ਨੂੰ ਕਵਰ ਕੀਤਾ ਜਾਵੇਗਾ।
ਸ. ਸਿੱਧੂ ਨੇ ਆਖਿਆ ਕਿ ਤੀਜੇ ਪੜਾਅ ਯਾਨੀ 18 ਤੋਂ 44 ਉਮਰ ਵਰਗ ਲਈ ਟੀਕਾਕਰਨ ਯੋਜਨਾਬੱਧ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸੰਵੇਦਨਸ਼ੀਲ ਅਤੇ ਉਚ ਜੋਖਮ ਵਾਲੇ ਲੋਕਾਂ ਨੂੰ ਪਹਿਲ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਟੀਕਾਕਰਨ ਦੀਆਂ ਯੋਗ ਸ਼੍ਰੇਣੀਆਂ ਬਾਰੇ ਸਮੇਂ-ਸਮੇਂ ’ਤੇ ਸਰਕਾਰ ਵਲੋਂ ਲੋਕਾਂ ਨੂੰ ਸੂਚਿਤ ਕੀਤਾ ਜਾਵੇਗਾ ਤਾਕਿ ਕਿਸੇ ਤਰ੍ਹਾਂ ਦੀ ਗ਼ਲਤਫ਼ਹਿਮੀ ਜਾਂ ਉਲਝਣ ਨਾ ਰਹੇ ਅਤੇ ਟੀਕਾਕਰਨ ਕੇਂਦਰਾਂ ’ਤੇ ਭੀੜ ਨਾ ਹੋਵੇ। ਸਿਹਤ ਮੰਤਰੀ ਨੇ ਦੁਹਰਾਇਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਵਿਸ਼ਵ ਸਿਹਤ ਸੰਸਥਾ ਤੋਂ ਮਾਨਤਾ ਪ੍ਰਾਪਤ ਹੈ। ਕੋਵਿਡ ਸੈਂਪਲਿੰਗ ’ਤੇ ਜ਼ੋਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਥੋੜੇ ਜਿਹੇ ਵੀ ਲੱਛਣ ਦਿਸਣ ’ਤੇ ਤੁਰੰਤ ਨੇੜਲੀ ਸਿਹਤ ਸੰਸਥਾ ਵਿਖੇ ਜਾ ਕੇ ਸੈਂਪਲ ਦਿਤਾ ਜਾਵੇ ਤਾਕਿ ਇਸ ਬੀਮਾਰੀ ਦਾ ਸਮੇਂ ਸਿਰ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਲੋਕ ਦੇਰ ਨਾਲ ਸਿਹਤ ਕੇਂਦਰਾਂ ਵਿਚ ਪਹੁੰਚਦੇ ਹਨ ਜਿਸ ਕਾਰਨ ਉਹ ਖ਼ੁਦ ਵੀ ਬੀਮਾਰੀ ਦਾ ਸ਼ਿਕਾਰ ਹੁੰਦੇ ਹਨ ਅਤੇ ਹੋਰ ਨੂੰ ਵੀ ਸ਼ਿਕਾਰ ਬਣਾਉਂਦੇ ਹਨ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਰਦਿਆਂ ਕਿਹਾ ਕਿ ਭਾਵੇਂ ਇਸ ਬੀਮਾਰੀ ਤੋਂ ਬਚਾਅ ਲਈ ਟੀਕਾ ਬਣ ਗਿਆ ਹੈ ਪਰ ਫਿਰ ਵੀ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਫ਼ੋਟੋ ਕੈਪਸ਼ਨ : ਟੀਕਾਕਰਨ ਦੀ ਸ਼ੁਰੂਆਤ ਕਰਵਾਉਂਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਅਧਿਕਾਰੀ।