22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਲਈ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਨੇ ਭੇਜਿਆ ਸੱਦਾ ਪੱਤਰ
ਪਟਿਆਲਾ : ਪੰਜਾਬ ਸਰਕਾਰ ਨੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ। ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਵੱਲੋਂ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ਲਈ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ ਨਾਮਜਦ ਕੀਤਾ ਹੈ।
ਇਸ ਮੀਟਿੰਗ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਵਜੋਂ 22 ਜੁਲਾਈ ਨੂੰ ਤਾਜ ਹੋਟਲ ਵਿਖੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਪੰਜਾਬ ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਪੱਖ ਪੇਸ਼ ਕੀਤਾ ਜਾਵੇਗਾ।
ਇਸੇ ਦੌਰਾਨ ਵਿਧਾਇਕ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੀਆਂ ਸਥਾਨਕ ਸੰਸਥਾਵਾਂ ਦਾ ਪੱਖ 16ਵੇਂ ਕੇਂਦਰੀ ਵਿੱਤ ਕਮਿਸ਼ਨ ਕੋਲ ਜ਼ੋਰਦਾਰ ਢੰਗ ਨਾਲ ਰੱਖਣਗੇ ਤਾਂ ਕਿ ਸਾਡੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਤੀ ਤੌਰ 'ਤੇ ਮਜ਼ਬੂਤ ਹੋ ਸਕਣ ਅਤੇ ਆਪਣੇ ਖੇਤਰਾਂ ਦਾ ਚਹੁੰਤਰਫ਼ਾ ਵਿਕਾਸ ਬਾਖ਼ੂਬੀ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਉਪਰ ਭਰੋਸਾ ਪ੍ਰਗਟਾਇਆ ਹੈ ਅਤੇ ਉਹ ਇਸ ਭਰੋਸੇ ਉਪਰ ਖਰ੍ਹੇ ਉਤਰਨਗੇ।