ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਕਾਰਨ ਰਾਜਕੋਟ ਦੇ 3 ਅਤੇ ਪੰਚਮਹਾਲ ਵਿੱਚ 1 ਬੱਚੇ ਦੀ ਮੌਤ ਹੋ ਗਈ। ਚਾਂਦੀਪੁਰਾ ਵਾਇਰਸ ਕਾਰਨ ਪਿਛਲੇ 8 ਦਿਨਾਂ ਵਿੱਚ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਐਮਰਜੈਂਸੀ ਮੀਟਿੰਗ ਬੁਲਾ ਲਈ ਹੈ। ਉਨ੍ਹਾਂ ਨੇ ਸੂਬੇ ਵਿੱਚ ਚਾਂਦੀਪੁਰਾ ਵਾਇਰਸ ਦੀ ਸਥਿਤੀ ਅਤੇ ਇਸ ਮਹਾਂਮਾਰੀ ਨੂੰ ਕਾਬੂ ਕਰਨ ਲਈ ਚੁੱਕੇ ਗਏ ਉਪਰਾਲਿਆਂ ਬਾਰੇ ਵੀ ਜਾਣਕਾਰੀ ਲਈ। ਸਿਹਤ ਮੰਤਰੀ ਹਰਸ਼ੀਕੇਸ਼ ਪਟੇਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਈ ਇਸ ਮੀਟਿੰਗ ਵਿੱਚ ਜ਼ਿਲ੍ਹਾ ਕੁਲੈਕਟਰ ਅਤੇ ਜ਼ਿਲ੍ਹਾ ਵਿਕਾਸ ਅਫ਼ਸਰਾਂ ਦੇ ਨਾਲ ਨਾਲ ਮੁੱਖ ਜ਼ਿਲ੍ਹਾ ਸਿਹਤ ਅਧਿਕਾਰੀ ਵੀ ਹਾਜ਼ਰ ਸਨ।
ਇਹ ਵਾਇਰਸ ਮੱਛਰਾਂ ਦੇ ਕੱਟਣ ਨਾਲ ਫ਼ੈਲਦਾ ਹੈ ਅਤੇ ਚਾਂਦੀਪੁਰਾ ਵਾਇਰਸ ਦਾ ਪਹਿਲਾ ਮਾਮਲਾ 1965 ਵਿੱਚ ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਦੇ ਚਾਂਦੀਪੁਰਾ ਵਿੱਚ ਸਾਹਮਣੇ ਆਇਆ ਸੀ। ਇਸ ਵਾਇਰਸ ਕਾਰਨ ਮਰੀਜ਼ ਇਨਸੇਫ਼ਲਾਈਟਿਸ ਦਾ ਸ਼ਿਕਾਰ ਹੋ ਜਾਂਦਾ ਹੈ।
ਤਾਜ਼ਾ ਜਾਣਕਾਰੀ ਅਨੁਸਾਰ ਰਾਜ ਦੇ 13 ਜ਼ਿਲ੍ਹਿਆਂ ਵਿੱਚ ਹੁਣ ਤੱਕ ਚਾਂਦੀਪੁਰਾ ਵਾਇਰਸ ਦੇ 31 ਸ਼ੱਕੀ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 5 ਬੱਚਿਆਂ ਦਾ ਇਲਾਜ ਚੱਲ ਰਿਹਾ ਹੈ।