ਸਹਾਇਕ ਕਮਿਸ਼ਨਰ (ਜ) ਮਨਰੀਤ ਰਾਣਾ ਨੇ ਜ਼ਿਲ੍ਹਾ ਕੰਪਲੈਕਸ ਵਿਖੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਫ਼ਤਹਿਗੜ੍ਹ ਸਾਹਿਬ : ਸਾਡੇ ਦੇਸ਼ ਦੀ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਵਿਖੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਸਮਾਗਮ ਲਈ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਮਨਰੀਤ ਰਾਣਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਦਿਵਸ ਸਮਾਗਮ ਲਈ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਜਿ਼ਲ੍ਹਾ ਵਾਸੀਆਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ, ਲੰਮੀਂ ਗੁਲਾਮੀ ਉਪਰੰਤ ਅਸੀਂ ਆਜ਼ਾਦ ਹੋਏ , ਸਾਡੇ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਆਜ਼ਾਦੀ ਦਿਵਾਈ , ਇਸ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਪੂਰੀ ਨਿਸ਼ਠਾ ਅਤੇ ਦੇਸ਼ ਭਗਤੀ ਦੀ ਭਾਵਨਾਂ ਨਾਲ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰੀਏ।
ਸ਼੍ਰੀਮਤੀ ਮਨਰੀਤ ਰਾਣਾ ਨੇ ਦੱਸਿਆ ਕਿ ਇਸ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਅਧਾਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਨੂੰ ਸਮਾਗਮ ਵਾਲੇ ਸਥਾਨ ਦੀ ਸਾਫ ਸਫਾਈ, ਲੋੜੀਂਦੇ ਡਸਟਬਿਨ ਰਖਵਾਉਣ ਅਤੇ ਸਜਾਵਟੀ ਗੇਟ ਤਿਆਰ ਕਰਵਾਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਸਿਵਲ ਸਰਜਨ ਨੂੰ ਲੋੜੀਂਦੀ ਮੈਡੀਕਲ ਟੀਮ, ਐਂਬੂਲੈਸ, ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕਰਨ ਅਤੇ ਪੁਲਿਸ ਵਿਭਾਗ ਨੂੰ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਐਸ.ਪੀ. (ਡੀ) ਰਾਕੇਸ਼ ਯਾਦਵ, ਜ਼ਿਲ੍ਹਾ ਮਾਲ ਅਫਸਰ ਅਮਨਦੀਪ ਚਾਵਲਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਮਸ਼ੇਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।