ਫਤਹਿਗੜ੍ਹ ਸਾਹਿਬ : ਜਿਲ੍ਹਾ ਟਾਸਕ ਫੋਰਸ ਟੀਮ ਅਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਗਈ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾ ਦੇ ਤਹਿਤ ਬੱਚਿਆਂ ਨੂੰ ਭੀਖ ਮੰਗਣ ਵਰਗੀ ਮਹਾਮਾਰੀ ਤੋਂ ਨਿਜਾਤ ਦਿਵਾਉਣ ਦੇ ਮਕਸਦ ਨਾਲ ਜਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਜਿਲ੍ਹੇ ਭਰ ਵਿੱਚ ਵਿਸੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਵੱਖ-ਵੱਖ ਟੀਮਾਂ ਵੱਲੋਂ ਫਤਹਿਗੜ੍ਹ ਸਾਹਿਬ ਵਿੱਚ ਚੈਕਿੰਗ ਮੁਹਿੰਮ ਚਲਾਉਂਦੇ ਹੋਏ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਜਾਣੇ-ਅਣਜਾਣੇ ਵਿੱਚ ਬੱਚਿਆਂ ਨੂੰ ਭੀਖ ਦੇ ਕੇ ਮਾਸੂਮ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਭਿੱਖਿਆਵ੍ਰਿਤੀ, ਅਨਪੜ੍ਹਤਾ, ਬੇਰੁਜ਼ਗਾਰੀ ਅਤੇ ਭੁੱਖਮਰੀ ਵਰਗਾ ਗ੍ਰਹਿਣ ਲਗਾਉਣ ਦੀ ਜਗ੍ਹਾਂ ਬੱਚਿਆਂ ਨੂੰ ਸਿੱਖਿਆ ਦੇ ਨਾਲ ਜੋੜਨ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿੱਚ ਵੱਖ-ਵੱਖ ਐਨ.ਜੀ.ਓ ਸੰਸਥਾਵਾਂ ਨੂੰ ਆਪਣਾ ਵੱਡਮੁੱਲਾ ਯੋਗਦਾਨ ਦੇਣ ਤਾਂ ਕਿ ਬੱਚੇ ਸਿੱਖਿਆ ਦੇ ਮੰਦਰ ਵਿੱਚ ਜਾ ਕੇ ਪੜ੍ਹਾਈ ਦੀ ਤਾਲੀਮ ਹਾਸਲ ਕਰ ਸਕਣ।ਉਹਨਾਂ ਆਮ ਲੋਕਾ ਨੂੰ ਇਹ ਵੀ ਅਪੀਲ ਕੀਤੀ ਕਿ ਬੱਚਿਆ ਨੂੰ ਭਿੱਖਿਆ ਨਾ ਦਿੰਦੇ ਹੋਏ ਉਹਨਾਂ ਨੂੰ ਸਿੱਖਿਆ ਨਾਲ ਜੋੜਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।