ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨਪੂਰਵਕ ਵਿਚਾਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜ਼ੋਰਦਾਰ ਹੰਭਲੇ ਮਾਰੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਸੂਬੇ ਦੇ ਇਕ ਇਕ ਮੁਲਾਜ਼ਮ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੂੰ ਇਮਾਨਦਾਰੀ ਅਤੇ ਜੀ-ਜਾਨ ਨਾਲ ਸੂਬੇ ਨੂੰ ਤਰੱਕੀ ਦੇ ਰਾਹ ਉੱਤੇ ਲਿਜਾਣ ਲਈ ਪ੍ਰੇਰਿਤ ਕੀਤਾ।
ਜੰਗਲਾਤ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦਾ ਬੇਹੱਦ ਸਖ਼ਤ ਰੁਖ ਹੈ ਅਤੇ ਕਿਸੇ ਵੀ ਭ੍ਰਿਸ਼ਟ ਮੁਲਾਜ਼ਮ ਜਾਂ ਅਫਸਰ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੌਨਸੂਨ ਦੇ ਸੀਜ਼ਨ ਵਿੱਚ ਜੰਗਲਾਤ ਵਿਭਾਗ ਦੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ ਕਿਉਂ ਕਿ ਇਨ੍ਹਾਂ ਦਿਨਾਂ ਵਿੱਚ ਸਾਰੇ ਸੂਬੇ ਵਿੱਚ ਬੂਟੇ ਲਾਉਣ ਦੀ ਮੁਹਿੰਮ ਵੱਡੇ ਪੱਧਰ ਉੱਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਇਸ ਮੁਹਿੰਮ ਨੂੰ ਹਰ ਮੁਲਾਜ਼ਮ ਕਾਮਯਾਬ ਕਰੇ। ਮੀਟਿੰਗ ਵਿੱਚ ਜੰਗਲਾਤ ਦੇ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਆਰ ਕੇ ਮਿਸ਼ਰਾ, ਵਧੀਕ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਿਰ ਸਨ।