ਗੁਜਰਾਤ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਡੋਦਰਾ, ਸੂਰਤ, ਭਰੂਚ ਅਤੇ ਆਨੰਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਂ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਅਨੁਸਾਰ ਵਡੋਦਰਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 13.5 ਇੰਚ ਮੀਂਹ ਦਰਜ ਕੀਤਾ ਗਿਆ ਹੈ। ਸਥਿਤੀ ਨੂੰ ਦੇਖਦਿਆਂ ਨੀਵੇਂ ਖੇਤਰਾਂ ਤੋਂ 826 ਲੋਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਭੇਜਿਆ ਗਿਆ ਹੈ। ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਐਨ.ਡੀ.ਆਰ.ਐਫ਼. ਅਤੇ ਐਸ.ਡੀ.ਆਰ.ਐਫ਼. ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਮੀਂਹ ਕਾਰਨ ਰੇਲ ਸੇਵਾਵਾਂ ਵੀ ਪ੍ਰਭਾਵਿਤ ਹਨ।
ਮਹਾਰਾਸ਼ਟਰ ਵਿੱਚ ਵੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਐਨ.ਡੀ.ਆਰ.ਐਫ਼. ਨੂੰ ਚੌਕਸ ਕਰ ਦਿੱਤਾ ਗਿਆ ਹੈ। ਪੁਣੇ, ਰਾਏਗੜ੍ਹ, ਠਾਣੇ ਅਤੇ ਪਾਲਘਰ ਦੇ ਸਕੂਲਾਂ ਨੂੰ ਛੁੱਟੀਆਂ ਕਰ ਦਿੱਤੀਆਂ ਹਨ। ਪੁਣੇ ਵਿੱਚ ਭਾਰੀ ਮੀਂਹ ਪੈਣ ਕਾਰਨ ਕੁੱਲ 4 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮੌਸਮ ਵਿਭਾਗ ਅਨੁਸਾਰ ਮੁੰਬਈ ਵਿੱਚ 100 ਮਿਲੀਮੀਟਰ ਤੋਂ ਵੱਧ ਮੀਂਹ ਪੈ ਚੁੱਕਾ ਹੈ ਜਿਸ ਕਾਰਨ ਲੋਕਲ ਟਰੇਨਾਂ ਆਪਣੇ ਮਿਥੇ ਸਮੇਂ ਤੋਂ 20 ਤੋਂ 25 ਮਿੰਟ ਦੇਰੀ ਨਾਲ ਪਹੁੰਚ ਰਹੀਆਂ ਹਨ। ਲੋਨਾਵਾਲਾ ਵਿੱਚ 275 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ।