ਸੂਬੇ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਕਰ ਰਹੀ ਗੰਭੀਰਤਾ ਨਾਲ ਕੰਮ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਕਰਵਾਇਆ ਗਿਆ ਸ਼ਰਧਾਂਜਲੀ ਸਮਾਰੋਹ
ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਰੱਖਿਆ ਗਿਆ ਦੋ ਮਿੰਟ ਦਾ ਮੌਨ
ਫ਼ਤਹਿਗੜ੍ਹ ਸਾਹਿਬ : ਸ਼ਹੀਦ ਊਧਮ ਸਿੰਘ ਭਾਰਤ ਮਾਂ ਦਾ ਉਹ ਬਹਾਦਰ ਸਪੁੱਤਰ ਹੈ ਜਿਸ ਨੇ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਦੁਸ਼ਮਣ ਦੇ ਘਰ ਜਾ ਕੇ ਲਿਆ ਜੇਕਰ ਜਲ੍ਹਿਆਂ ਵਾਲੇ ਬਾਗ ਵਿੱਚ ਹਜ਼ਾਰਾਂ ਨਿਹੱਥੇ ਪੰਜਾਬੀਆਂ ਨੂੰ ਸ਼ਹੀਦ ਕਰਨ ਵਾਲੇ ਜਾਲਮ ਅੰਗਰੇਜ ਹੁਕਮਰਾਨ ਤੋਂ ਬਦਲਾ ਨਾ ਲਿਆ ਜਾਂਦਾ ਤਾਂ ਅਸੀਂ ਕਦੇ ਵੀ ਸਿਰ ਉੱਚਾ ਕਰ ਕੇ ਨਹੀਂ ਜੀ ਸਕਦੇ ਸੀ, ਪ੍ਰੰਤੂ ਸ਼ਹੀਦ ਊਧਮ ਸਿੰਘ ਵੱਲੋਂ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਲੈਣ ਨਾਲ ਪੰਜਾਬੀਆਂ ਦਾ ਸਿਰ ਹੋਰ ਉੱਚਾ ਹੋਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰੋਜ਼ਾ ਸ਼ਰੀਫ ਨਜ਼ਦੀਕ ਉਨ੍ਹਾਂ ਦੇ ਸ਼ਹੀਦੀ ਸਮਾਰਕ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਅਤੇ ਸੂਬੇ ਦੀ ਅਣਖ ਨੂੰ ਜਗਾਉਣ ਵਿੱਚ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਬੇਮਿਸਾਲ ਹੈ, ਜਿਸ ਨੂੰ ਨਤਮਸਤਕ ਹੋਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਵਿਧਾਇਕ ਨੇ ਕਿਹਾ ਕਿ ਸਾਡੀ ਪਾਰਟੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਇਹ ਸਹੁੰ ਚੁੱਕੀ ਸੀ ਕਿ ਅਸੀਂ ਪੰਜਾਬ ਨੂੰ ਮੁੜ ਤੋਂ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਬਣਾਵਾਂਗੇ ਅਤੇ ਆਪਣੀ ਇਸ ਸਹੁੰ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਨੇ ਸਾਡੇ ਕੱਲ ਲਈ ਆਪਣਾ ਅੱਜ ਕੁਰਬਾਨ ਕਰ ਦਿੱਤਾ ਅਤੇ ਹੱਸਦਿਆਂ-ਹੱਸਦਿਆਂ ਫਾਂਸੀ ਦੇ ਰੱਸਿਆਂ ਨੂੰ ਚੁੰਮ ਲਿਆ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਦੇ ਕੇ ਜੋ ਆਜ਼ਾਦੀ ਦੇਸ਼ ਨੂੰ ਦਿਵਾਈ ਹੈ ਉਸ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸਾਡਾ ਪੰਜਾਬ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਉਹ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਸਾਨੂੰ ਨਸੀਬ ਹੋਈ ਹੈ, ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਤਮਸਤਕ ਹੋ ਕੇ ਆਪਣੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕਰੀਏ। ਉਨ੍ਹਾਂ ਕਿਹਾ ਕਿ ਸਾਡੇ ਲੱਖਾਂ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਉਪਰੰਤ ਮਿਲੀ ਆਜ਼ਾਦੀ ਨੂੰ ਸਾਂਭ ਦੇ ਰੱਖਣਾ ਸਾਡੀ ਜਿੰਮੇਵਾਰੀ ਹੈ ਅਤੇ ਸਾਨੂੰ ਆਪਣੀ ਇਸ ਜਿੰਮੇਵਾਰੀ ਤੋਂ ਕਦੇ ਵੀ ਮੂੰਹ ਨਹੀਂ ਮੋੜਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਆਪਣੇ ਬੱਚਿਆਂ ਨੂੰ ਦੱਸਣਾ ਚਾਹੀਦਾ ਹੈ ਤਾਂ ਜ਼ੋ ਸਾਡੇ ਬੱਚੇ ਆਪਣੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ ਤੇ ਪੁਲਿਸ ਵੱਲੋਂ ਬਿਗਲ ਵੀ ਬਜਾਇਆ ਗਿਆ।
ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ, ਕੌਂਸਲਰ ਹਰਵਿੰਦਰ ਕੌਰ, ਨਾਹਰ ਸਿੰਘ ਆਦਮਪੁਰ, ਮਾਨਵ ਟਿਵਾਣਾ, ਪ੍ਰਿਤਪਾਲ ਸਿੰਘ ਜੱਸੀ, ਅਸੀਸ ਕੁਮਾਰ ਅੱਤਰੀ, ਸੁਨੀਤ ਕੁਮਾਰ ਜ਼ਿਲ੍ਾ ਪ੍ਰਧਾਨ ਕੈਮਿਸਟ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ, ਹਰਬੰਤ ਸਿੰਘ, ਨੰਬਰਦਾਰ ਲਖਵਿੰਦਰ ਸਿੰਘ ਮਾਧੋਪੁਰ, ਨੰਬਰਦਾਰ ਜਗਰੂਪ ਸਿੰਘ, ਐਡਵੋਕੇਟ ਹਰਕਮਲ ਸਿੰਘ, ਐਡਵੋਕੇਟ ਕਮਲਜੀਤ ਸਿੰਘ ਮੱਟੂ, ਰਣਵੀਰ ਸਿੰਘ, ਤਰਸੇਮ ਉੱਪਲ, ਰਜੇਸ਼ ਉੱਪਲ, ਪੀਏ ਬਹਾਦਰ ਖਾਨ, ਗੁਰਸਤਿੰਦਰ ਸਿੰਘ ਜੱਲਾ, ਬਲਵੀਰ ਚੀਮਾ, ਬਹਾਦਰ ਜਲਾਲ, ਵੰਟੂ ਮਹੱਦੀਆਂ, ਮੋਹਿਤ ਸੂਦ, ਸਤੀਸ਼ ਕੁਮਾਰ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।