ਮੋਹਾਲੀ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ 1 ਅਗੱਸਤ ਤੋਂ 7 ਅਗੱਸਤ ਤਕ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ’ਚ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਸਤਨਪਾਨ ਦੀ ਮਹੱਤਤਾ ਦਰਸਾਉਂਦਾ ਪੋਸਟਰ ਜਾਰੀ ਕੀਤਾ ਗਿਆ ਅਤੇ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਨੂੰ ਜ਼ਰੂਰੀ ਜਾਣਕਾਰੀ ਅਤੇ ਹਦਾਇਤਾਂ ਵੀ ਦਿਤੀਆਂ ਗਈਆਂ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਦਸਿਆ ਕਿ ਇਸ ਹਫ਼ਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਉਚੇਚੇ ਤੌਰ ’ਤੇ ਜਾਣਕਾਰੀ ਦਿਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਹ ਹਫ਼ਤਾ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਇਸ ਦਾ ਵਿਸ਼ਾ ‘ਪਾੜੇ ਨੂੰ ਪੂਰਦਿਆਂ : ਸਤਨਪਾਨ ਸਹਾਇਤਾ ਸਭਨਾਂ ਲਈ’ ਹੈ। ਡਾ. ਦਵਿੰਦਰ ਕੁਮਾਰ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਦੀ ਤੰਦਰੁਸਤੀ ਲਈ ਬੇਹੱਦ ਜ਼ਰੂਰੀ ਹੈ ਕਿਉਂਕਿ ਇਹ ਕਈ ਬੀਮਾਰੀਆਂ ਤੋਂ ਬਚਾਅ ਕਰਦਾ ਹੈ। ਇਸ ਲਈ ਹਰ ਮਾਂ ਨੂੰ ਬੱਚੇ ਦੇ ਜਨਮ ਤੋਂ ਬਾਅਦ ਛੇ ਮਹੀਨੇ ਤਕ ਉਸ ਨੂੰ ਅਪਣਾ ਦੁੱਧ ਪਿਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦੇ ਦੁੱਧ ਨਾਲ ਨਵਜਨਮੇ ਬੱਚਿਆਂ ਦੀਆਂ ਮੌਤਾਂ ਨੂੰ 20 ਫ਼ੀਸਦੀ ਤਕ ਘਟਾਇਆ ਜਾ ਸਕਦਾ ਹੈ।
ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਕੁਦਰਤੀ ਅਤੇ ਸੰਪੂਰਨ ਖ਼ੁਰਾਕ ਹੈ, ਇਸ ਲਈ ਬੱਚੇ ਨੂੰ ਹੋਰ ਕਿਸੇ ਤਰ੍ਹਾਂ ਦੇ ਦੁੱਧ, ਪਾਣੀ ਜਾਂ ਹੋਰ ਕਿਸੇ ਖ਼ੁਰਾਕ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਅਪਣੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਯਾਨੀ ਇਕ ਘੰਟੇ ਦੇ ਅੰਦਰ-ਅੰਦਰ ਅਪਣਾ ਦੁੱਧ ਪਿਲਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬੱਚੇ ਨੂੰ ਵਾਰ-ਵਾਰ ਜਾਂ ਉਸ ਦੀ ਮੰਗ ਮੁਤਾਬਕ ਦੁੱਧ ਪਿਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਪਹਿਲੀ ਗੁੜ੍ਹਤੀ ਹੁੰਦਾ ਹੈ। ਡਾ. ਤਮੰਨਾ ਨੇ ਦਸਿਆ ਕਿ ਮਾਂ ਅਪਣੇ ਬੱਚੇ ਦੇ ਜਨਮ ਦੇ ਪਹਿਲੇ ਦੋ ਤਿੰਨ ਦਿਨਾਂ ਦੌਰਾਨ ਅਪਣਾ ਪਹਿਲਾ ਗਾੜ੍ਹਾ ਜਾਂ ਪੀਲੇ ਰੰਗ ਦਾ ਦੁੱਧ ਜ਼ਰੂਰ ਪਿਲਾਵੇ। ਜਨਮ ਤੋਂ ਬਾਅਦ ਬੱਚੇ ਨੂੰ ਦੁੱਧ ਤੋਂ ਇਲਾਵਾ ਹੋਰ ਕੋਈ ਚੀਜ਼ ਨਹੀਂ ਦੇਣੀ ਚਾਹੀਦੀ। ਜੇ ਔਰਤਾਂ ਬੀਮਾਰ ਹਨ ਤਾਂ ਵੀ ਅਪਣੇ ਬੱਚੇ ਨੂੰ ਬਿਨਾਂ ਕਿਸੇ ਡਰ-ਭੈਅ ਦੁੱਧ ਪਿਲਾਉਣਾ ਜਾਰੀ ਰੱਖ ਸਕਦੀਆਂ ਹਨ। ਮਾਂ ਦੋ ਵਰਿ੍ਹਆਂ ਤਕ ਜਾਂ ਉਸ ਤੋਂ ਬਾਅਦ ਵੀ ਬੱਚੇ ਨੂੰ ਦੁੱਧ ਪਿਲਾ ਸਕਦੀ ਹੈ। ਬੱਚੇ ਨੂੰ ਕਦੇ ਵੀ ਬੋਤਲ ਨਾਲ ਦੁੱਧ ਨਾ ਪਿਲਾਉ ਕਿਉਂਕਿ ਇਹ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਬੱਚੇ ਨੂੰ ਦਸਤ ਲੱਗ ਸਕਦੇ ਹਨ। ਬੱਚੇ ਨੂੰ ਛੇ ਮਹੀਨੇ ਤੋਂ ਬਾਅਦ ਹੀ ਠੋਸ ਖ਼ੁਰਾਕ ਦੇਣੀ ਸ਼ੁਰੂ ਕੀਤੀ ਜਾਵੇ। ਘਰ ਵਿਚ ਬਣੀ ਖ਼ੁਰਾਕ ਬਾਜ਼ਾਰ ਵਿਚ ਬਣੀ ਖ਼ੁਰਾਕ ਨਾਲੋਂ ਬਿਹਤਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਓਪਰੇ ਜਾਂ ਦੂਸਰੇ ਦੁੱਧ ਨਾਲੋਂ ਹਮੇਸ਼ਾ ਲਾਭਦਾਇਕ ਹੁੰਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।