ਮੌਕੇ 'ਤੇ ਹੀ ਲੱਗੀ ਪੈਨਸ਼ਨ, ਲਾਭਪਾਤਰੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
ਰਾਜਪੁਰਾ : 'ਆਪ ਦੀ ਸਰਕਾਰ ਆਪ ਦੇ ਦੁਆਰ' ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲੇ ਤਹਿਤ ਅੱਜ ਰਾਜਪੁਰਾ ਹਲਕੇ ਦੇ ਪਿੰਡ ਕਾਲੋਮਾਜਰਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਿੰਡ ਕਾਲੋਮਾਜਰਾ, ਰਾਮਨਗਰ, ਜਾਂਸਲਾ, ਜਾਂਸਲੀ ਤੇ ਜਲਾਲਪੁਰ ਦੇ ਵਸਨੀਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲਿਆ। ਹਲਕਾ ਵਿਧਾਇਕ ਨੀਨਾ ਮਿੱਤਲ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਦਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਐਸ ਡੀ ਐਮ ਰਵਿੰਦਰ ਸਿੰਘ ਨੇ ਜਾਇਜ਼ਾ ਲਿਆ। ਇਸ ਮੌਕੇ ਯੂਥ ਆਗੂ ਲਵਿਸ਼ ਮਿੱਤਲ, ਸਿਵਲ ਸਰਜਨ ਡਾ ਸੰਜੇ ਗੋਇਲ, ਤਹਿਸੀਲਦਾਰ ਜਸਪ੍ਰੀਤ ਸਿੰਘ, ਬੀ.ਡੀ.ਪੀ.ਓ. ਬਨਦੀਪ ਸਿੰਘ, ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ, ਐਸ.ਐਮ.ਓ. ਡਾ ਨਵਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ। ਏ.ਡੀ.ਸੀ. ਕੰਚਨ ਨੇ ਜਿੱਥੇ ਲੋਕਾਂ ਨਾਲ ਗੱਲਬਾਤ ਕਰਕੇ ਕੈਂਪ ਬਾਰੇ ਫੀਡਬੈਕ ਹਾਸਲ ਕੀਤੀ ਉਥੇ ਹੀ ਹਰੇਕ ਟੇਬਲ 'ਤੇ ਬੈਠੇ ਵੱਖ-ਵੱਖ ਵਿਭਾਗਾਂ ਦੇ ਮੁਲਾਜਮਾਂ ਤੋਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਬਾਰੇ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਨਾ ਹੋਣ ਦਿੱਤੀ ਜਾਵੇ ਅਤੇ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਮੌਕੇ 'ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਨੇ ਇਸ ਮੌਕੇ ਵੱਖ-ਵੱਖ ਪੈਨਸ਼ਨਾਂ ਦੇ ਲਾਭਪਾਤਰੀਆਂ ਨੂੰ ਆਨ ਲਾਈਨ ਲਗਾਈ ਗਈ ਪੈਨਸ਼ਨ ਦੇ ਦਸਤਾਵੇਜ ਵੀ ਸੌਂਪੇ।
ਏ.ਡੀ.ਸੀ. ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਦੀ ਟੀਮ ਕੋਲ ਇਸ ਦੌਰਾਨ ਕਰੀਬ 32 ਲੋਕਾਂ ਨੇ ਆਪਣੀਆਂ ਅਰਜ਼ੀਆਂ ਦਿੱਤੀਆਂ, ਜਿਨ੍ਹਾਂ ਵਿੱਚੋਂ ਕਈਆਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ। 14 ਵਿਅਕਤੀਆਂ ਨੇ ਨਵੀਂ ਪੈਨਸ਼ਨ ਲਗਾਉਣ ਲਈ ਅਰਜ਼ੀ ਦਿੱਤੀ, ਜਿਨ੍ਹਾਂ ਦੀ ਮੌਕੇ 'ਤੇ ਹੀ ਪੜਤਾਲ ਕੀਤੀ ਗਈ ਅਤੇ ਯੋਗ ਪਾਏ ਗਏ ਦੋ ਵਿਅਕਤੀਆਂ ਦੀ ਪੈਨਸ਼ਨ ਮੌਕੇ 'ਤੇ ਹੀ ਲਗਾ ਦਿੱਤੀ ਗਈ। ਇਸ ਦੌਰਾਨ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਆਪਣੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਵਾਇਆ। ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ ਲੋਕਾਂ ਨੇ ਆਪਣੇ ਕੰਮ ਹੋਣ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਨਾਲ ਸਬੰਧਤ ਅਰਜ਼ੀਆਂ, ਜਨਮ ਤੇ ਮੌਤ ਸਰਟੀਫਿਕੇਟ, ਆਧਾਰ ਕਾਰਡ ਅਪਡੇਸ਼ਨ, ਕਿਰਤ ਵਿਭਾਗ ਦੀ ਲਾਲ ਕਾਪੀ, ਮਾਲ ਵਿਭਾਗ ਦੇ ਕੰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਸਮੇਤ ਸਿਹਤ ਵਿਭਾਗ ਦੀ ਟੀਮ ਵੱਲੋਂ ਸਿਹਤ ਜਾਂਚ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਡੀ.ਡੀ.ਐਫ. ਨਿਧੀ ਮਲਹੋਤਰਾ, ਬਲਾਕ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ, ਸੰਦੀਪ ਸਿੰਘ ਕਾਲੋਮਾਜਰਾ ਤੇ ਕੁਲਵਿੰਦਰ ਸਿੰਘ ਰਾਮਨਗਰ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਵੀ ਮੌਜੂਦ ਸਨ।