ਪਟਿਆਲਾ : ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹੇ ਅੰਦਰ ਸ਼ਹਿਰੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਤੇ ਜ਼ਿਲ੍ਹੇ ਦੇ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਇੱਕ ਮੀਟਿੰਗ ਕੀਤੀ।
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਤੋਂ ਸ਼ਹਿਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ, ਪਾਣੀ ਵਾਲੇ ਪਾਣੀ, ਸੀਵਰੇਜ, ਗੰਦੇ ਪਾਣੀ ਦੀ ਨਿਕਾਸੀ ਅਤੇ ਕੂੜੇ ਦੇ ਪ੍ਰਬੰਧਾਂ, ਪ੍ਰਾਪਰਟੀ ਟੈਕਸ ਵਸੂਲੀ, ਨਜਾਇਜ ਬਿਲਡਿੰਗਾਂ ਤੇ ਕਬਜ਼ਿਆ ਬਾਰੇ ਜਾਣਕਾਰੀ ਹਾਸਲ ਕੀਤੀ।
ਚੇਅਰਮੈਨ ਨੇ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਨਵੇਂ ਪ੍ਰੋਜੈਕਟ ਲਗਾਉਣ ਲਈ ਜਲਦ ਤੋਂ ਜਲਦ ਤਜਵੀਜ਼ਾਂ ਤਿਆਰ ਕਰਕੇ ਭੇਜਣ ਦੀ ਹਦਾਇਤ ਵੀ ਕੀਤੀ ਤਾਂ ਜੋ ਇਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਭੇਜ ਕੇ ਇਹ ਨਵੇਂ ਪ੍ਰੋਜੈਕਟ ਪਾਸ ਕਰਵਾਕੇ ਜ਼ਿਲ੍ਹੇ ਦੇ ਲੋਕਾਂ ਨੂੰ ਸੁਗਾਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀ ਹਦੂਦ ਵਿੱਚ ਵਸਦੇ ਲੋਕਾਂ ਨੂੰ ਮਕਾਨ ਬਣਾਉਣ ਸਮੇਂ ਨਕਸਾ ਪਾਸ ਕਰਵਾਉਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ ਸਗੋਂ ਇਸਨੂੰ ਹੋਰ ਪਾਰਦਰਸ਼ੀ ਢੰਗ ਨਾਲ ਪਾਸ ਕੀਤਾ ਜਾਵੇ।
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਸ਼ਹਿਰਾਂ ਦੇ ਸੁੰਦਰੀਕਰਨ ਲਈ ਖਾਲੀ ਥਾਵਾਂ ਉੱਤੇ ਵੱਧ ਤੋਂ ਵੱਧ ਬੂਟੇ ਲਾਉਣ ਦੀ ਹਦਾਇਤ ਵੀ ਕੀਤੀ।
ਏ.ਡੀ.ਸੀ (ਸ਼ਹਿਰੀ) ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਸ਼ਹਿਰਾਂ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਲਈ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਨੂੰ ਸਾਫ ਕਰਨ ਲਈ ਨਵੇਂ ਟ੍ਰੀਟਮੈਂਟ ਪ੍ਰੋਜੈਕਟ ਲਗਾਏ ਜਾ ਰਹੇ ਹਨ ਅਤੇ ਲੋਕਾਂ ਵਲੋਂ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਵੀ ਸਮੇਂ ਸਿਰ ਕਾਰਵਾਈ ਕਰਕੇ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਂਦਾ ਹੈ।
ਮੀਟਿੰਗ ਦੌਰਾਨ ਲਖਵਿੰਦਰ ਸਿੰਘ ਈ.ਓ. ਸਨੌਰ ਤੇ ਦੇਵੀਗੜ, ਚੇਤਨ ਸ਼ਰਮਾ ਈ.ਓ. ਘਨੌਰ, ਜਗਜੀਤ ਸਿੰਘ ਈ.ਓ. ਭਾਦਸੋਂ, ਅਵਤਾਰ ਚੰਦ ਈ.ਓ. ਰਾਜਪੁਰਾ, ਬਲਜਿੰਦਰ ਕੌਰ ਈ.ਓ. ਪਾਤੜਾਂ ਤੇ ਘੱਗਾ, ਗੁਰਚਰਨ ਸਿੰਘ ਈ.ਓ. ਨਾਭਾ, ਜਗਦੀਪ ਸਿੰਘ ਜੇ.ਈ. ਸਮਾਣਾ ਅਤੇ ਬਿਕਰਮਜੀਤ ਸਿੰਘ ਇੰਨਵੈਸਟੀਗੇਟਰ, ਦਫ਼ਤ਼ਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਹਾਜ਼ਰ ਰਹੇ।