ਸੁਨਾਮ : ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸੱਤ ਸੀਟਾਂ ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਚਾਰ ਲੋਕ ਸਭਾ ਹਲਕਿਆਂ ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਹਲਕਿਆ ਦੇ ਸ਼ਹਿਰੀ ਅਤੇ ਦਿਹਾਤੀ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੀ ਸਮੀਖਿਆ ਕਰਨ ਉਪਰੰਤ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਆਖ ਦਿੱਤਾ ਹੈ। ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਚਾਰ ਲੋਕ ਸਭਾ ਹਲਕਿਆਂ ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੀ ਕਾਰਗੁਜ਼ਾਰੀ ਨੂੰ ਘੋਖਿਆ ਅਤੇ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਆਮ ਅਤੇ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਸੱਤ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ ਲੇਕਿਨ ਕਾਂਗਰਸ ਪਾਰਟੀ ਨੇ 2027 ਵਿੱਚ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਅੰਦਰ ਸਰਕਾਰ ਬਣਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਬਲਾਕ ਪ੍ਰਧਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਹੁਣੇ ਤੋਂ ਸਰਗਰਮੀਆਂ ਸ਼ੁਰੂ ਕਰ ਦੇਣ ਤਾਂ ਜੋ ਵਿਰੋਧੀ ਪਾਰਟੀਆਂ ਨੂੰ ਮਾਤ ਦਿੱਤੀ ਜਾ ਸਕੇ। ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜ੍ਹਿੰਗ ਨੇ ਕਿਹਾ ਕਿ ਉਹ ਆਉਂਦੇ ਸਮੇਂ ਦੌਰਾਨ ਪੂਰੇ ਪੰਜਾਬ ਵਿੱਚ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਵਰਕਰ ਮੀਟਿੰਗਾਂ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ। ਇਸ ਮੌਕੇ ਦਿਹਾਤੀ ਬਲਾਕ ਪ੍ਰਧਾਨ ਜਗਪਾਲ ਸਿੰਘ ਸ਼ਾਹਪੁਰ, ਰੌਕੀ ਬਾਂਸਲ ਬਲਾਕ ਕਾਂਗਰਸ ਪ੍ਰਧਾਨ ਸੰਗਰੂਰ ਅਤੇ ਗੁਰਦੀਪ ਸਿੰਘ ਘਰਾਚੋਂ ਬਲਾਕ ਪ੍ਰਧਾਨ ਦਿਹਾਤੀ ਸੰਗਰੂਰ ਵੀ ਹਾਜ਼ਰ ਸਨ।