ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ, ਪ੍ਰਦਰਸ਼ਨ ਤੇ ਸਟੰਟ ਬਿਨਾਂ ਮਨਜੂਰੀ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਖਤ ਹੁਕਮ ਦਿੰਦਿਆਂ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਕੋਈ ਵੀ ਸੰਸਥਾ ਜਾਂ ਵਿਅਕਤੀ ਬਿਨਾਂ ਮਨਜੂਰੀ ਅਜਿਹੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਨਾ ਕਰੇ। ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਜਿੰਮੇਵਾਰ ਬਣਾਉਂਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਵਾਈ ਜਾਵੇ ਅਤੇ ਹੁਕਮਾਂ ਦੀ ਉਲੰਘਣਾ ਨਾ ਕਰਨ ਜਾਂ ਕਸੂਰਵਾਰ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸੂਬੇ ਅੰਦਰ ਬੀਤੇ ਸਮੇਂ ਦੌਰਾਨ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ, ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਲਈ ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ 08 ਅਕਤੂਬਰ, 2024 ਤੱਕ ਲਾਗੂ ਰਹਿਣਗੇ।