ਡੇਰਾ ਹੰਸਾਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਮੌਕੇ ਕਰਵਾਇਆ ਗਿਆ ਧਾਰਮਿਕ ਸਮਾਗਮ
ਫ਼ਤਹਿਗੜ੍ਹ ਸਾਹਿਬ : ਡੇਰਾ ਹੰਸਾਲੀ ਸਾਹਿਬ ਵਿਖੇ ਅੱਜ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਮੌਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਵੀ ਜਾਰੀ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਜੌੜੇਮਾਜਰਾ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਨਿਸ਼ਕਾਮ ਭਾਵਨਾ ਨਾਲ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅਜਿਹੇ ਮਹਾਂ-ਪੁਰਸ਼ ਹਮੇਸ਼ਾਂ ਲੋਕਾਂ ਨੂੰ ਗੁਰੂ ਦੇ ਲੜ ਲਾਉਣ ਤੇ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਸੁਭਾਗਾ ਹੈ ਕਿਉਂਕਿ ਅੱਜ ਦੇ ਦਿਨ ਹੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਜਨਮ ਲਿਆ ਸੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੱਤੀ।
ਸ. ਜੌੜੇ ਮਾਜਰਾ ਨੇ ਕਿਹਾ ਕਿ ਅੱਜ ਦਾ ਦਿਨ ਵਿਸ਼ੇਸ਼ ਰੂਪ ਵਿੱਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਹਲਕਾ ਵਾਸੀਆਂ ਦੀ ਭਲਾਈ ਲਈ ਦਿਨ ਰਾਤ ਕੰਮ ਕੀਤਾ ਹੈ। ਉਨ੍ਹਾਂ ਮੌਜੂਦਾ ਡੇਰਾ ਮੁਖੀ ਬਾਬਾ ਪਰਮਜੀਤ ਸਿੰਘ ਤੋਂ ਆਸ਼ੀਰਵਾਦ ਵੀ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਅਜੀਤ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਾਨਵਤਾ ਦੀ ਭਲਾਈ ਲਈ ਅੱਗੇ ਆ ਕੇ ਕੰਮ ਕਰਨਾ ਚਾਹੀਦਾ ਹੈ ਜੋ ਕਿ ਸਹੀ ਅਰਥਾਂ ਵਿੱਚ ਬਾਬਾ ਜੀ ਨੂੰ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਡੇਰਾ ਹੰਸਾਲੀ ਸਾਹਿਬ ਦੇ ਸੇਵਾਦਾਰ, ਆਮ ਸੰਗਤ ਵੀ ਮੌਜੂਦ ਸਨ।