-ਪਿੰਡ ਸੁਲਤਾਨਪੁਰ ਤੇ ਤਰੌੜਾ ਨੂੰ ਦਿੱਤੇ ਪਾਣੀ ਵਾਲੇ ਟੈਂਕਰ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਤੁਰੰਤ ਕੰਮ ਕਰਨ 'ਚ ਕਰਦੀ ਹੈ ਵਿਸ਼ਵਾਸ਼
ਸਮਾਣਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਸੁਲਤਾਨਪੁਰ ਅਤੇ ਤਰੌੜਾ ਕਲਾਂ ਨੂੰ ਪਾਣੀ ਵਾਲੇ ਟੈਂਕਰ ਵੀ ਪ੍ਰਦਾਨ ਕੀਤੇ ਅਤੇ ਕਿਹਾ ਕਿ ਉਹ ਖ਼ੁਦ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਹਨ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।
ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰਿਆਂ ਵਿੱਚ ਢੰਗ ਨਹੀਂ ਟਪਾਉਂਦੀ ਸਗੋਂ ਤੁਰੰਤ ਕੰਮ ਕਰਨ ਵਿੱਚ ਵਿਸ਼ਵਾਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾ ਕੇ ਵੱਖਰੇ ਤੌਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ 'ਤੇ ਹੀ ਹੱਲ ਕੀਤਾ ਜਾਂਦਾ ਹੈ, ਪਹਿਲਾਂ ਕਿਸੇ ਸਰਕਾਰ ਸਮੇਂ ਅਜਿਹਾ ਨਹੀਂ ਕੀਤਾ ਗਿਆ।
ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਸਮਾਣਾ ਹਲਕੇ ਨੂੰ ਅਣਗੌਲਿਆਂ ਕੀਤਾ ਗਿਆ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਹਰੇਕ ਸਮੱਸਿਆ ਨੂੰ ਸਮਝਦਿਆਂ ਤੁਰੰਤ ਗ੍ਰਾਂਟਾਂ ਜਾਰੀ ਕੀਤੀਆਂ ਹਨ।
ਇਸੇ ਦੌਰਾਨ ਕੈਬਨਿਟ ਮੰਤਰੀ ਪਿੰਡ ਪਸਿਆਣਾ ਵਿਖੇ ਮਾਤਾ ਨੈਣਾ ਦੇਵੀ ਦੇ ਸ਼ਰਧਾਲੂਆਂ ਲਈ ਲਗਾਏ ਗਏ ਲੰਗਰ ਵਿੱਚ ਵੀ ਗਏ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਦੀਪਕ ਵਧਵਾ, ਸੁਖਚੈਨ ਸਿੰਘ ਵਜੀਦਪੁਰ, ਕਾਕਾ ਗੁੱਜਰ, ਬਲਕਾਰ ਸਿੰਘ ਅਤੇ ਪਿੰਡਾਂ ਦੇ ਵਸਨੀਕ ਵੱਡੀ ਗਿਣਤੀ 'ਚ ਮੌਜੂਦ ਸਨ।