ਪਟਿਆਲਾ : ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹ ਗਈ ਹੈ। ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (ਜੇ.ਐਨ.ਵੀ.ਐਸ.ਟੀ-2025) ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹਿੱਸਾ ਲੈਕੇ ਪਟਿਆਲਾ ਜ਼ਿਲ੍ਹੇ ਦੇ ਚਾਹਵਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਚੋਣ ਪ੍ਰੀਖਿਆ ਦਾ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਜਵਾਹਰ ਨਵੋਦਿਆ ਵਿਦਿਆਲਿਆ ਦੇ ਇੱਕ ਬੁਲਾਰੇ ਨੇ ਕੀਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਆਨਲਾਈਨ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਵੈੱਬਸਾਈਟ
www.navodaya.gov.in 'ਤੇ ਪਹੁੰਚ ਕੀਤੀ ਜਾ ਸਕਦੀ ਹੈ। ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 16 ਸਤੰਬਰ, 2024 ਹੈ। ਇਸ ਲਈ ਗਰਮੀਆਂ ਵਿੱਚ ਸੀਟਾਂ ਭਰਨ ਲਈ ਸਾਰੇ ਦੇਸ਼ ਵਿੱਚ ਇਹ ਪ੍ਰੀਖਿਆ 18 ਜਨਵਰੀ, 2025 (ਸ਼ਨੀਵਾਰ) ਨੂੰ ਹੋਵੇਗੀ ਅਤੇ ਸਰਦੀਆਂ ਲਈ ਭਰੀਆਂ ਜਾਣ ਵਾਲੀਆਂ ਸੀਟਾਂ ਲਈ 12 ਅਪ੍ਰੈਲ, 2025 (ਸ਼ਨੀਵਾਰ) ਨੂੰ ਹੋਵੇਗੀ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦੇਸ਼ ਭਰ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਮੁਫ਼ਤ, ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਪਟਿਆਲਾ ਜ਼ਿਲ੍ਹੇ ਦੇ ਮਾਪੇ ਅਤੇ ਵਿਦਿਆਰਥੀ ਜਰੂਰ ਇਸ ਸੁਵਿਧਾ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਹਲਕੇ ਦੇ ਪਿੰਡ ਫ਼ਤਹਿਪੁਰ ਰਾਜਪੂਤਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਸਥਾਪਤ ਹੈ, ਇਥੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਾਇਤਾ ਲੈਣ ਅਤੇ ਚੋਣ ਪ੍ਰੀਖਿਆ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨ ਲਈ ਸੰਪਰਕ ਕੀਤਾ ਜਾ ਸਕਦਾ ਹੈ।