ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਬਸੀ ਪਠਾਣਾ ਦੇ ਡੀ.ਐਸ.ਪੀ. ਸ਼੍ਰੀ ਮੋਹਿਤ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਮੁੱਖ ਥਾਣਾ ਅਫਸਰ ਬਡਾਲੀ ਆਲਾ ਸਿੰਘ ਇੰਸਪੈਕਟਰ ਅਮਰਦੀਪ ਸਿੰਘ ਦੀ ਅਗਵਾਈ ਹੇਠ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਕਾਲਾਂ ਕਰਕੇ ਫਿਰੋਤੀ ਮੰਗਣ ਅਤੇ ਰਾਤ ਸਮੇਂ ਘਰ ਤੇ ਹਮਲਾ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਤਫਤੀਸ਼ ਕਰਕੇ ਕਾਬੂ ਕਰ ਲਿਆ ਗਿਆ। ਇਹ ਜਾਣਕਾਰੀ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਬਡਾਲੀ ਆਲਾ ਸਿੰਘ ਵਿਖੇ ਕਰਿਆਨੇ ਦੀ ਦੁਕਾਨ ਕਰਨ ਵਾਲੇ ਅੰਕੁਰ ਮੜਕਨ ਨੇ ਪੁਲਿਸ ਪਾਸ ਬਿਆਨ ਲਿਖਵਾਇਆ ਸੀ ਕਿ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਫਿਰੋਤੀ ਹਾਸਲ ਕਰਨ ਸਬੰਧੀ ਫੋਨ ਕਾਲਾਂ ਆ ਰਹੀਆਂ ਹਨ ਅਤੇ 21 ਜੁਲਾਈ, 2024 ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਕਰਨ ਵਾਲੇ ਕਥਿਤ ਦੋਸ਼ੀਆਂ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਸਥਿਤ ਉਸ ਦੇ ਘਰ ਤੇ ਡਰਾਉਣ ਧਮਕਾਉਣ ਲਈ ਹਮਲਾ ਵੀ ਕੀਤਾ ਸੀ।
ਸ਼੍ਰੀ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਅੰਕੁਰ ਦੇ ਪਿਤਾ ਰਾਕੇਸ਼ ਕੁਮਾਰ ਦੇ ਬਿਆਨ ਤੇ ਤੁਰੰਤ ਮੁਕੱਦਮਾ ਨੰਬਰ 68 ਮਿਤੀ 03.08.2024 ਨੂੰ ਧਾਰਾ 308, 3(5) ਬੀ.ਐਨ.ਐਸ. ਥਾਣਾ ਬਡਾਲੀ ਆਲਾ ਸਿੰਘ ਵਿਖੇ ਦਰਜ਼ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਪੁਲਿਸ ਨੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ, ਵਾਰਦਾਤ ਸਮੇਂ ਕੀਤੀਆਂ ਗਈਆਂ ਕਾਲਾਂ ਤੋਂ ਕਥਿਤ ਦੋਸ਼ੀ ਪ੍ਰਿੰਸ ਕੁਮਾਰ ਵਾਸੀ ਸਮਾਣਾ, ਜ਼ਿਲ੍ਹਾ ਪਟਿਆਲਾ ਹਾਲ ਨਿਵਾਸੀ ਪਿੰਡ ਨੀਲਪੁਰ ਜ਼ਿਲ੍ਹਾ ਪਟਿਆਲਾ ਅਤੇ ਸਤਿੰਦਰ ਸਿੰਘ ਵਾਸੀ ਮੁਕਤਸਰ ਹਾਲ ਵਾਸੀ ਖਮਾਣੋਂ ਨੂੰ ਟਰੇਸ ਕਰਕੇ ਉਕਤ ਮੁਕੱਦਮੇ ਵਿੱਚ 10 ਅਗਸਤ, 2024 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵੱਲੋਂ ਵਰਤੀ ਗਈ ਸਫੇਦ ਰੰਗ ਦੀ ਆਈ-10 ਗਰੈਂਡ ਕਾਰ ਨੰਬਰ ਪੀ.ਬੀ.-01 ਈ-3303, ਮੋਬਾਇਲ ਫੋਨ ਅਤੇ ਪਹਿਨੇ ਹੋਏ ਕੱਪੜਿਆਂ ਨੂੰ ਪੁਲਿਸ ਨੇ ਕਬਜੇ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 03 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ।
ਐਸ.ਪੀ. (ਡੀ) ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਵਿੱਚ ਕਥਿਤ ਦੋਸ਼ੀ ਪ੍ਰਿੰਸ ਕੁਮਾਰ ਨੇ ਦੱਸਿਆ ਹੈ ਕਿ ਉਹ ਮੋਹਾਲੀ ਵਿਖੇ ਕਿਰਾਏ ਤੇ ਰਹਿੰਦਾ ਹੈ ਜੋ ਮਾੜੀ ਸੰਗਤ ਵਿੱਚ ਪੈ ਕੇ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ। ਕਥਿਤ ਦ਼ਸੀ ਨੇ ਬਡਾਲੀ ਆਲਾ ਸਿੰਘ ਪਿੰਡ ਦੇ ਕਈ ਵਿਅਕਤੀਆਂ ਦੇ ਪੈਸੇ ਵੀ ਦੇਣੇ ਹਨ। ਆਮਦਨ ਦਾ ਕੋਈ ਸਾਧਨ ਨਾ ਹੋਣ ਕਰਕੇ ਉਸ ਨੇ ਵਿਦੇਸ਼ ਵਿੱਚ ਬੈਠੇ ਕਿਸੇ ਵਿਅਕਤੀ ਰਾਹੀਂ ਮੁਦੱਈ ਨੂੰ ਧਮਕਾ ਦੇ ਫਿਰੋਤੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਤਫਤੀਸ਼ ਚੱਲ ਰਹੀ ਹੈ ਅਤੇ ਇਸ ਵਿੱਚ ਹੋਰ ਖੁਲਾਸੇ ਹੋਣ ਦੀ ਵੀ ਆਸ ਹੈ।