ਬਿੱਲ ਜਾਰੀ ਕਰਨ 'ਚ ਬੇਨਿਯਮੀਆਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ 8 ਕਰੋੜ ਰੁਪਏ ਦਾ ਜੁਰਮਾਨਾ
ਚੰਡੀਗੜ੍ਹ : ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਨਾਲ ਕਰ ਪਾਲਣਾ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਦੋਸ਼ੀ ਪਾਏ ਜਾਣ ਵਾਲਿਆਂ ਨੂੰ 7,92,72,741 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਇਸ ਵਿੱਚੋਂ ਹੁਣ ਤੱਕ 6,16,98,869 ਰੁਪਏ ਦੇ ਜੁਰਮਾਨੇ ਦੀ ਵਸੂਲੀ ਕੀਤੀ ਜਾ ਚੁੱਕੀ ਹੈ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਕੁੱਲ 2601 ਜੇਤੂਆਂ ਵਿੱਚੋਂ 1892 ਜੇਤੂਆਂ ਨੂੰ 1,10,22,885 ਰੁਪਏ ਦੇ ਇਨਾਮ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 709 ਜੇਤੂਆਂ ਨੂੰ 41,39,450 ਰੁਪਏ ਦੇ ਇਨਾਮ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ "ਬਿੱਲ ਲਿਆਓ ਇਨਾਮ ਪਾਓ" ਯੋਜਨਾ ਟੈਕਸ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਖਰੀਦਦਾਰੀ ਲਈ ਬਿੱਲ ਦੀ ਮੰਗ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸਫਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੇ ਯਤਨਾਂ ਦਾ ਪ੍ਰਮਾਣ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਨੂੰ ਮਿਲਿਆ ਹੁੰਗਾਰਾ ਕਾਫੀ ਉਤਸ਼ਾਹਜਨਕ ਹੈ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਅਜਿਹੀਆਂ ਪਹਿਲਕਦਮੀਆਂ ਨੂੰ ਲਾਗੂ ਕਰਨਾ ਜਾਰੀ ਰੱਖੇਗੀ।