ਮਾਜਰੀ : ਇੱਥੋਂ ਨੇੜਲੇ ਪਿੰਡ ਬਰਸਾਲਪੁਰ ਟੱਪਰੀਆਂ ਵਿਖੇ ਅੱਜ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਅਤੇ ਜਸਪ੍ਰੀਤ ਸਿੰਘ ਸਰਪੰਚ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇੱਕ ਸਮਾਗਮ ਦੌਰਾਨ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫਰੰਸ ਰਾਹੀਂ ਪਿੰਡ ਦੇ ਨਵੇਂ ਬਣਾਏ ਖੇਡ ਗਰਾਊਂਡ ਦਾ ਉਦਘਾਟਨ ਕੀਤਾ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਕਰੋਨਾ ਵਾਇਰਸ ਨੂੰ ਲੈ ਕੇ ਪੂਰੇ ਸੂਬੇ ਅੰਦਰ ਚੱਲ ਰਹੀਆਂ ਪਾਬੰਦੀਆਂ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮਾਗਮ ਵਿੱਚ ਨਹੀਂ ਪਹੁੰਚ ਸਕੇ, ਪ੍ਰੰਤੂ ਉਨ੍ਹਾਂ ਨੇ ਵੀਡੀਓ ਕਾਨਫਰੰਸ ਰਾਹੀਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਜਰੀ ਅਤੇ ਗ੍ਰਾਮ ਪੰਚਾਇਤ ਵੱਲੋਂ ਇਸ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਸਿਹਤਮੰਦ ਦੇਖਣ ਅਤੇ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਅੰਦਰ ਰਾਜ ਸਰਕਾਰ ਵੱਲੋਂ 750 ਪੇਂਡੂ ਖੇਡ ਸਟੇਡੀਅਮ ਅਤੇ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਨੌਜਵਾਨ ਸਰਪੰਚ ਜਸਪ੍ਰੀਤ ਸਿੰਘ ਨੇ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਸਰਕਾਰ ਵੱਲੋਂ ਕਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ ਨੂੰ ਲੈ ਕੇ ਇਸ ਸਮਾਗਮ ਨੂੰ ਸਾਦਾ ਰੱਖਿਆ ਗਿਆ ਹੈ। ਉਨ੍ਹਾਂ ਰਾਜ ਸਰਕਾਰ ਤੋਂ ਅੱਗਿਓ ਵੀ ਪਿੰਡ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਹਮੇਸ਼ਾਂ ਸਾਥ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਟੇਡੀਅਮ ਦੇ ਬਣਨ ਨਾਲ ਪਿੰਡ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਹੋ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪ੍ਰੀਤ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਜਰੀ, ਰਾਜੇਸ਼ ਕਪੂਰ ਪੰਚਾਇਤ ਅਫ਼ਸਰ ਮਾਜਰੀ, ਚਰਨਜੋਤ ਸਿੰਘ ਵਾਲੀਆ ਸੈਕਟਰੀ ਜਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਅਬਿਆਣਾ, ਨਵਨੀਤ ਕੌਰ, ਚਰਨਜੀਤ ਸਿੰਘ, ਸੁਰਿੰਦਰ ਪਾਲ, ਜਗਤਾਰ ਸਿੰਘ, ਹਰਬੰਸ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ ਅਤੇ ਪਿੰਡ ਦੇ ਮੋਹਤਬਰ ਹਾਜਰ ਸਨ।