ਸੁਨਾਮ : ਸਰਕਾਰਾਂ ਵੱਲੋਂ ਮਜ਼ਦੂਰਾਂ ਨਾਲ ਕੀਤੀ ਜਾ ਰਹੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੁਆਰਾ 23 ਅਗਸਤ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਵਫ਼ਦ ਦੇ ਰੂਪ ਵਿੱਚ ਦਿੱਤੇ ਜਾਣ ਵਾਲੇ ਮੰਗ ਲਈ ਸੁਨਾਮ ਬਲਾਕ ਅੰਦਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮਜ਼ਦੂਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸਕੱਤਰ ਜਗਦੀਪ ਸਿੰਘ ਕਾਲਾ, ਬਲਾਕ ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਵੱਲੋਂ ਮਜ਼ਦੂਰਾਂ ਨਾਲ ਲੰਮੇ ਸਮੇਂ ਤੋਂ ਵਾਅਦਾ ਖਿਲਾਫੀ ਕੀਤੀ ਜਾ ਰਹੀ ਹੈ, ਚੋਣਾਂ ਤੋਂ ਪਹਿਲਾਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ ਜਾਂਦਾ ਹੈ ਅਤੇ ਸਰਕਾਰ ਬਣਨ ਉਪਰੰਤ ਮਜ਼ਦੂਰ ਜਮਾਤ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ 23 ਅਗਸਤ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਇਸ ਮੌਕੇ ਮਜ਼ਦੂਰਾਂ ਦਾ ਭਰਵਾਂ ਇਕੱਠ ਕਰਨ ਲਈ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਲਾਮਬੰਦੀ ਸ਼ੁਰੂ ਕੀਤੀ ਗਈ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਜੇਕਰ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿੱਚ ਜਗਸੀਰ ਸਿੰਘ ਬਿਗੜਵਾਲ, ਭੋਲਾ ਸਿੰਘ ਛਾਜਲਾ, ਗੁਰਬਾਜ ਸਿੰਘ, ਪਿਆਰਾ ਸਿੰਘ ਖਡਿਆਲ ਨੇ ਦਲਿਤ ਮਨੁੱਖੀ ਅਧਿਕਾਰ ਸਭਾ" ਦੇ ਮੈਂਬਰ ਸੇਬੀ ਸਿੰਘ ਖੰਡੇਵਾਦ ਨੂੰ ਪ੍ਰਸਾਸਨ ਵੱਲੋਂ ਡਰਾਉਣ ਧਮਕਾਉਣ ਅਤੇ ਕੋਲਕਾਤਾ ਵਿਖੇ ਮਹਿਲਾ ਡਾਕਟਰ ਨਾਲ ਜਬਰ ਜ਼ਨਾਹ ਤੋਂ ਬਾਅਦ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।