ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਧਰਜਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਸੀ ਪਠਾਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਬੂਟੇ ਵੰਡੇ ਗਏ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਬਸੀ ਪਠਾਣਾ ਡਾ: ਕਿਰਪਾਲ ਸਿੰਘ ਮਹੰਤ ਨੇ ਦੱਸਿਆ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਤੇ ਵਾਤਾਵਰਣ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਮੋਟਰਾਂ ਤੇ 5-5 ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦਾ ਵਾਤਾਵਰਣ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣ ਸਕੇ।
ਡਾ: ਕਿਰਪਾਲ ਸਿੰਘ ਮਹੰਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਬੂਟੇ ਵੰਡਣ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ, ਜਿਸ ਨੂੰ ਸਫਲ ਬਣਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੂੰ ਬੂਟਿਆਂ ਦੀ ਲੋੜ ਹੈ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਮੁਫਤ ਬੂਟੇ ਹਾਸਲ ਕਰ ਸਕਦੇ ਹਨ।
ਇਸ ਮੌਕੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸ਼੍ਰੀ ਹਰਮਨਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਬੂਟੇ ਵੰਡਣ ਦੀ ਚਲਾਈ ਜਾ ਰਹੀ ਮੁਹਿੰਮ ਅਧੀਨ ਬਸੀ ਪਠਾਣਾ ਬਲਾਕ ਦੇ ਪਿੰਡ ਨੰਦਪੁਰ,ਕਲੌੜ, ਮੈਣ ਮਾਜਰੀ, ਸ਼ੇਰਗੜ੍ਹ ਬਾੜ੍ਹਾ, ਖੇੜੀ ਬੀਰ ਸਿੰਘ, ਰੁਪਾਲਹੇੜੀ, ਖੇੜੀ ਭਾਈ ਕੀ, ਮਾਰਵਾ, ਖਾਲਸਪੁਰ, ਦਮਹੇੜੀ, ਘੁਮੰਡਗੜ੍ਹ ਤੇ ਕੋਟਲਾ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਬੂਟੇ ਵੰਡੇ ਗਏ ਹਨ। ਜਿਨ੍ਹਾਂ ਵਿੱਚ ਜਾਮੁਨ, ਅਮਰੂਦ, ਗੁਲਾਬ, ਤੂਤ, ਕੈਮਫਰ, ਗੁਲਾਬੀ ਤੁਣ, ਅਰਜਨ ਆਦਿ ਦੇ ਬੂਟੇ ਪ੍ਰਮੁੱਖ ਹਨ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀਮਤੀ ਮਨਦੀਪ ਕੌਰ ਨੇ ਕਿਸਾਨਾਂ ਨੂੰ ਸਾਊਣੀ ਦੀਆਂ ਫਸਲਾਂ ਉਪਰ ਕੀੜ੍ਹੇ ਮਕੌੜਿਆਂ ਤੇ ਬਿਮਾਰੀਆਂ ਦੇ ਹਮਲੇ ਅਤੇ ਇਸ ਦੀ ਰੋਕਥਾਮ ਬਾਰੇ ਦੱਸਿਆ।
ਇਸ ਮੌਕੇ ਮਨਦੀਪ ਸਿੰਘ ਸ਼ੇਰਗੜ੍ਹ ਬਾੜਾ, ਰੁਪਿੰਦਰ ਸਿੰਘ, ਸਤਵਿੰਦਰ ਸਿੰਘ, ਬਲਜੀਤ ਸਿੰਘ, ਸੋਹਣ ਸਿੰਘ, ਅਮਰੀਕ ਸਿੰਘ, ਚਰਨਜੀਤ ਸਿੰਘ, ਪ੍ਰਗਟ ਸਿੰਘ, ਕੁਲਬੀਰ ਸਿੰਘ, ਕੁਲਵਿੰਦਰ ਸਿੰਘ ਤੇ ਜਸਵੀਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਪਤਵੰਤੇ ਹਾਜਰ ਸਨ।