ਫ਼ਤਹਿਗੜ੍ਹ ਸਾਹਿਬ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜੀਆਂ ਸ਼ਿਕਾਇਤਾਂ ਬਾਬਤ ਸੁਣਵਾਈ ਕਰਨ ਲਈ ਕਮਿਸ਼ਨ ਦੇ ਮੈਂਬਰ ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਇੱਥੇ ਬੱਚਤ ਭਵਨ ਵਿਖੇ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ। ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਤੇ ਕਈ ਮਾਮਲਿਆਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ। ਐਸ.ਸੀ. ਕਮਿਸ਼ਨ ਮੈਂਬਰ ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਵੱਖ-ਵੱਖ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਆਂ ਪ੍ਰਬੰਧ ਅਜਿਹੇ ਪੁਖ਼ਤਾ ਕੀਤੇ ਜਾਣ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਨਿਆਂ ਲੈਣ ਲਈ ਕਮਿਸ਼ਨ ਤੱਕ ਜਾਣ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਲ ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਸੁਚੇਤ ਵੀ ਕੀਤਾ ਜਾ ਰਿਹਾ ਹੈ।
ਸ਼੍ਰੀ ਮੋਹੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਆਪਸੀ ਭਾਈਚਾਰਕ ਸਾਂਝ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਤਹਿਤ ਪਿੰਡਾਂ ਦੇ ਕਲੱਸਟਰ ਬਣਾ ਕੇ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਇਕੱਠੇ ਕਰ ਕੇ ਪੰਜਾਬ ਅਤੇ ਪੰਜਾਬੀਅਤ ਨੂੰ ਹੋਰ ਉਪਰ ਚੁੱਕਣ ਅਤੇ ਆਪਣੇ ਛੋਟੇ ਵਖਰੇਵਿਆਂ ਨੂੰ ਪਿੰਡ ਪੱਧਰ 'ਤੇ ਹੀ ਹੱਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਕਮਿਸ਼ਨ ਮੈਂਬਰ ਨੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜ਼ਿਆਦਤੀ ਨਾ ਹੋਣ ਦਿੱਤੀ ਜਾਵੇ ਅਤੇ ਗਰੀਬਾਂ ਤੇ ਲੋੜਵੰਦਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਉਹਨਾਂ ਨੇ ਅਮਲੋਹ ਵਿਖੇ ਸ਼ਿਕਾਇਤਾਂ ਵੀ ਸੁਣੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਇਸ਼ਾ ਸਿੰਗਲ ਨੇ ਕਮਿਸ਼ਨ ਦੇ ਮੈਂਬਰ ਸ਼੍ਰੀ ਮੋਹੀ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆ ਕੇ ਸਮਾਂਬੱਧ ਢੰਗ ਨਾਲ ਰਿਪੋਰਟ ਕਮਿਸ਼ਨ ਨੂੰ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਐੱਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸਮਤ ਵਿਜੈ ਸਿੰਘ, ਐੱਸ.ਡੀ.ਐਮ. ਅਮਲੋਹ ਕਿਰਨਬੀਰ ਸਿੰਘ,
ਡੀ.ਐੱਸ.ਪੀ. ਫ਼ਤਹਿਗੜ੍ਹ ਸਾਹਿਬ ਸੁਖ਼ਨਾਜ਼ ਸਿੰਘ, ਡੀ. ਐੱਸ.ਪੀ. ਰਾਜ ਕੁਮਾਰ, ਡੀ.ਐੱਸ.ਪੀ. ਰਾਜਪਾਲ ਸਿੰਘ ਗਿੱਲ, ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਸਮੇਤ ਵੱਖੋ-ਵੱਖ ਅਧਿਕਾਰੀ ਮੌਜੂਦ ਸਨ।