ਸੁਨਾਮ : ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਸਮੇਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਪੰਜ ਰੋਜ਼ਾ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਕਿਸਾਨ ਆਗੂਆਂ ਵੱਲੋਂ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼ੁੱਕਰਵਾਰ ਨੂੰ ਸੁਨਾਮ ਬਲਾਕ ਦੇ ਅੱਧੀ ਦਰਜਨ ਤੋਂ ਵਧੇਰੇ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਮਨੀ ਸਿੰਘ ਭੈਣੀ ਅਤੇ ਮਜ਼ਦੂਰ ਆਗੂ ਭੋਲਾ ਸਿੰਘ ਮਾਡਲ ਟਾਊਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਸਮੇਤ ਹੋਰਨਾਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਸਰਕਾਰ ਬਣਨ ਉਪਰੰਤ ਸਾਰੇ ਕੁੱਝ ਨੂੰ ਅਣਗੌਲਿਆਂ ਕਰ ਦਿੱਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 27 ਤੋਂ 31 ਅਗਸਤ ਤੱਕ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਪੰਜ ਰੋਜ਼ਾ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਧਰਨੇ ਪ੍ਰਤੀ ਕਿਸਾਨਾਂ ਮਜ਼ਦੂਰਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨੀ ਘਾਟੇ ਦਾ ਧੰਦਾ ਬਣਦੀ ਜਾ ਰਹੀ ਹੈ, ਅਜਿਹੇ ਹਾਲਾਤਾਂ ਵਿੱਚ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।