ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਮੰਜੌਲੀ ਵਿਖੇ ਖੇਤੀਬਾੜੀ ਵਿਭਾਗ ਬਲਾਕ ਘਨੌਰ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਆਪਣਾ ਯੋਗਦਾਨ ਪਾਉਣ। ਬਲਾਕ ਪੱਧਰੀ ਕੈਂਪ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਰਣਜੋਧ ਸਿੰਘ, ਮੁਕੰਦ ਸਿੰਘ, ਉਜਾਗਰ ਸਿੰਘ, ਭੀਮ ਸਿੰਘ ਅਤੇ ਬਲਵੀਰ ਸਿੰਘ ਨੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਪ੍ਰਬੰਧਨ ਸਬੰਧੀ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ ਨੇ ਝੋਨੇ ਦੀ ਫ਼ਸਲ ਉੱਪਰ ਕੀੜੇ ਮਕੌੜਿਆਂ ਦੇ ਹਮਲੇ ਦੀ ਰੋਕਥਾਮ ਲਈ, ਡਾ. ਅਮਨਪ੍ਰੀਤ ਸਿੰਘ ਸੰਧੂ ਨੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ, ਡਾ. ਅਮਨਦੀਪ ਕੌਰ ਨੇ ਮਿੱਟੀ ਪਰਖ ਦੀ ਮਹੱਤਤਾ ਸਬੰਧੀ, ਡਾ. ਸਿਕੰਦਰ ਸਿੰਘ ਨੇ ਪੀ.ਐਮ.ਕਿਸਾਨ ਸਕੀਮ ਸਬੰਧੀ ਅਤੇ ਡਾ. ਗੁਰਮੇਲ ਸਿੰਘ ਨੇ ਫ਼ਸਲੀ ਵਿਭਿੰਨਤਾ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ।
ਕੈਂਪ ਵਿਚ ਡਾ. ਜੁਪਿੰਦਰ ਸਿੰਘ ਪੰਨੂ ਅਤੇ ਡਾ. ਜਸਨੀਨ ਕੌਰ ਵੱਲੋਂ ਹਾਜ਼ਰ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਮਨਪ੍ਰੀਤ ਸਿੰਘ ਅਤੇ ਸੰਜੀਵ ਕੁਮਾਰ ਨੇ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਹੋਏ ਬੂਟੇ ਮੋਟਰਾਂ ਉੱਪਰ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਫਲਦਾਰ ਅਤੇ ਛਾਂ ਵਾਲੇ ਬੂਟੇ ਆਪਣੇ ਖੇਤਾਂ ਵਿਚ ਲਗਾਉਣ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਐਸ.ਆਈ. ਬਲਜਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਮਨਦੀਪ ਸਿੰਘ ਸਮੇਤ ਲਗਭਗ ਪਿੰਡ ਦੇ 100 ਕਿਸਾਨਾਂ ਨੇ ਭਾਗ ਲਿਆ