ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਅਨਾਜ ਮੰਡੀ ਮਜਦੂਰ ਯੂਨੀਅਨ ਰਜਿ. ਪੰਜਾਬ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਪੱਧਰ ਤੇ ਮੁਲਾਕਾਤ ਕੀਤੀ। ਇਸ ਮੌਕੇ ਜਿੱਥੇ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੂੰ ਜਾਣੂ ਕਰਵਾਇਆ, ਉੱਥੇ ਹੀ ਮਜਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਦੋਵੇਂ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਆਸ ਪ੍ਰਗਟਾਈ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹਨਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੁਕੱਮਲ ਇੰਤਜਾਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਮੁਰੰਮਤ/ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਨਾ ਹੋਣ ਕਰਕੇ ਵਿਕਾਸ ਕਾਰਜ ਰੁੱਕੇ ਹੋਏ ਸਨ, ਪਰ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਫੰਡ ਦਾ ਇੰਤਜਾਮ ਕਰ ਲਿਆ ਹੈ ਅਤੇ ਜਲਦ ਹੀ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਹੀ ਕਾਰਜ ਕਰਦੀ ਹੈ। ਮਜਦੂਰ ਯੂਨੀਅਨ ਵੱਲੋਂ ਪ੍ਰਧਾਨ ਰਾਕੇਸ਼ ਤੁੱਲੀ, ਦਰਸ਼ਨ ਲਾਲ ਖੰਨਾ, ਗੁਰਦਿਆਲ ਸਿੰਘ, ਮੋਹਿੰਦਰ ਸਿੰਘ ਸਮਰਾਲਾ ਤੇ ਕਪੂਰ ਸਿੰਘ ਮੌਜੂਦ ਰਹੇ।