ਸੁਨਾਮ : ਥਾਣਾ ਸ਼ਹਿਰੀ ਸੁਨਾਮ ਦੀ ਹਦੂਦ ਅੰਦਰ ਪੈਂਦੇ ਪਿੰਡ ਨਕਟੇ ਚੱਠੇ ਵਿਖੇ ਨਸ਼ੇ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਤੋਂ ਬਾਅਦ ਲੋਕਾਂ ਨੇ ਪੁਲਿਸ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਮ੍ਰਿਤਕ ਦੇ ਪਰਿਵਾਰ ਸਮੇਤ ਹੋਰਨਾਂ ਲੋਕਾਂ ਨੇ ਕਿਹਾ ਕਿ ਪਿੰਡ ਦੇ ਕਈ ਨੌਜਵਾਨ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਹੋ ਚੁੱਕੇ ਹਨ ਜਿਸ ਕਾਰਨ ਮਾਪਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਚਿੱਟੇ ਨਾਲ ਹੋਈ ਮੌਤ ਤੋਂ ਭੜਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਔਰਤਾਂ ਵੱਲੋਂ ਸੂਬਾ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ। ਮ੍ਰਿਤਕ ਦੇ ਪਿਤਾ ਜੱਗਰ ਸਿੰਘ ਅਤੇ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ 25 ਕੁ ਵਰ੍ਹਿਆਂ ਦਾ ਮ੍ਰਿਤਕ ਨੌਜਵਾਨ ਹਰਵਿੰਦਰ ਸਿੰਘ ਉਰਫ਼ ਕਾਲਾ ਪਿਛਲੇ ਕੁੱਝ ਸਾਲਾਂ ਤੋਂ ਚਿੱਟੇ ਦੇ ਨਸ਼ਾ ਕਰਨ ਦਾ ਆਦੀ ਹੋ ਚੁੱਕਾ ਸੀ ਅਤੇ ਘਰ ਦੀ ਤੰਗੀ ਕਾਰਨ ਹੀ ਕੁੱਝ ਮਹੀਨਿਆਂ ਤੋਂ ਇਹ ਆਪਣੀ ਭੈਣ ਕੋਲ ਬਡਬਰ ਨੇੜੇ ਭੈਣੀ ਮਹਿਰਾਜ ਵਿਖੇ ਰਹਿ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਗੁੱਸੇ ਦਾ ਇਜ਼ਹਾਰ ਕਰਦਿਆਂ ਪਿੰਡ ਦੇ ਵਸਨੀਕਾਂ ਨੇ ਕਿਹਾ ਕਿ ਉਹ ਦਲਿਤ ਭਾਈਚਾਰੇ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਦੇ ਬੱਚੇ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨੇੜਲੇ ਸ਼ਹਿਰ ਸੁਨਾਮ ਦੀ ਇਕ ਬਸਤੀ 'ਚੋਂ ਨਸ਼ਾ/ਚਿੱਟਾ ਆਮ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਉਨ੍ਹਾਂ ਦੇ ਬੱਚੇ ਘਰ ਦੇ ਭਾਂਡੇ ਤੱਕ ਵੇਚ ਦਿੰਦੇ ਹਨ। ਉਨ੍ਹਾਂ ਸੂਬਾ ਸਰਕਾਰ ਖਿਲਾਫ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਚਾਰ ਹਫ਼ਤਿਆਂ 'ਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਦੌਰਾਨ ਨਸ਼ਾ ਹੋਰ ਵੀ ਵਧ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਨਸ਼ਿਆਂ ਦਾ ਖਾਤਮਾ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਚਾਇਆ ਜਾਵੇ।