ਸੁਨਾਮ : ਨਵੀਂ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 27 ਅਗਸਤ ਤੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਪੰਜ ਰੋਜ਼ਾ ਪੱਕਾ ਧਰਨਾ ਲਾਇਆ ਜਾਵੇਗਾ। ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਐਤਵਾਰ ਨੂੰ ਪਿੰਡ ਉਗਰਾਹਾਂ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮਸ਼ਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਸੂਬੇ ਅੰਦਰ ਸਰਕਾਰ ਬਣਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਸਮੇਤ ਹੋਰਨਾਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ ਲੇਕਿਨ ਸਰਕਾਰ ਬਣਨ ਉਪਰੰਤ ਕਿਸਾਨੀ ਨਾਲ ਸਬੰਧਿਤ ਸਾਰੀਆਂ ਮੰਗਾਂ ਨੂੰ ਅਣਗੌਲਿਆਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਦੇ ਪੂਰਨ ਕਰਜ਼ਾ ਮਾਫ਼ੀ , ਕਿਸਾਨ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਹੋਰਨਾਂ ਮੰਗਾਂ ਬਾਰੇ ਪੰਜ ਰੋਜ਼ਾ ਧਰਨਿਆਂ ਵਿੱਚ ਮੰਗਾਂ ਮਨਵਾਉਣ ਤੇ ਜ਼ੋਰ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਦਿੱਤੇ ਜਾਣ ਵਾਲੇ ਪੰਜ ਰੋਜ਼ਾ ਧਰਨਿਆਂ ਪ੍ਰਤੀ ਕਿਸਾਨਾਂ ਮਜ਼ਦੂਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਮਹਿੰਦਰ ਸਿੰਘ ਨਮੋਲ, ਪਾਲ ਸਿੰਘ ਦੌਲੇਵਾਲਾ ,ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ,ਔਰਤ ਆਗੂ ਜਸਵੀਰ ਕੌਰ ਉਗਰਾਹਾਂ ਆਦਿ ਹਾਜ਼ਰ ਸਨ।