ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਬਰਸੀ ਸਮਾਗਮਾਂ ਵਿੱਚ ਪਹੁੰਚਣ ਤੇ ਰਾੜਾ ਸਾਹਿਬ ਸੰਪਰਦਾਇ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤਾਂ ਵਿੱਚ ਬੈਠ ਕੇ ਕੀਰਤਨ ਵੀ ਸਰਵਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੀ ਵਰੋਸਾਈ ਧਰਤੀ ਕਰਮਸਰ ਰਾੜਾ ਸਾਹਿਬ ਵਿਖੇ ਨਤਮਸਤਕ ਹੋਏ ਬਹੁਤ ਚੰਗਾ ਲੱਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ, ਕਿਉਂਕਿ ਸੰਤ ਬਾਬਾ ਈਸ਼ਰ ਸਿੰਘ ਜੀ ਨੇ ਲੰਮਾ ਸਮਾਂ ਭਗਤੀ ਕਰਕੇ ਵਾਹਿਗੁਰੂ ਦਾ ਗਿਆਨ ਪ੍ਰਾਪਤ ਕੀਤਾ ਅਤੇ ਲੱਖਾਂ-ਕਰੋੜਾਂ ਸੰਗਤਾਂ ਨੂੰ ਮਾਰਗ ਦਰਸ਼ਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ। ਉਹਨਾਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਰਾੜਾ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੁੱਚੀ ਸੰਗਤ ਦੇ ਨਾਲ ਹੈ ਅਤੇ ਹਰ ਪ੍ਰਕਾਰ ਦੀ ਸਹਾਇਤਾ ਲਈ ਉਹ ਵਚਨਬੱਧ ਹਨ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਸ਼ਾਮਲ ਹੋਣ ਤੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
.