ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰੀ ਐਕਵਾਇਰ ਕਰਨ ਤੋਂ ਬਾਜ਼ ਆਵੇ ਸਰਕਾਰ ਕਿਸਾਨਾਂ ਨਾਲ ਟਕਰਾਅ ਦੀ ਨੀਤੀ ਛੱਡ ਕੇ ਕਿਸਾਨਾਂ ਨੂੰ ਸੰਤੁਸ਼ਟ ਕਰਨ ਦਾ ਰਾਹ ਅਖਤਿਆਰ ਕਰੇ। ਭਾਰਤ ਮਾਲਾ ਪ੍ਰਾਜੈਕਟ ਤਹਿਤ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ। ਮੰਗਲਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ ਮਾਲਾ ਪ੍ਰੋਜੈਕਟ ਮਾਮਲੇ 'ਚ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਧੱਕੇ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ ਜਿਹੜੀ ਘੋਰ ਬੇਇਨਸਾਫੀ ਹੈ। ਜਥੇਬੰਦੀ ਸਰਕਾਰ ਅਤੇ ਪ੍ਰਸ਼ਾਸਨ ਦੀ ਅਜਿਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸੰਤੁਸ਼ਟ ਕਰਕੇ ਜ਼ਮੀਨ ਐਕਵਾਇਰ ਕਰਨ ਦਾ ਰਾਹ ਅਖਤਿਆਰ ਕਰੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ 1 ਸਤੰਬਰ ਤੋਂ 4 ਸਤੰਬਰ ਤੱਕ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾਵੇਗਾ ਅਤੇ 4 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਖਤਮ ਹੋਣ ਤੋਂ ਬਾਅਦ ਜਥੇਬੰਦੀ ਵੱਲੋਂ ਸੈਸ਼ਨ ਦੀ ਸਮੀਖਿਆ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਇਜਲਾਸ 'ਤੇ ਨਜ਼ਰ ਰੱਖੇਗੀ ਅਤੇ ਦੇਖਿਆ ਜਾਵੇਗਾ ਕਿ ਸਰਕਾਰ ਕਿਸਾਨਾਂ ਦੇ ਹਿੱਤ 'ਚ ਕੋਈ ਫੈਸਲੇ ਲੈਂਦੀ ਹੈ ਜਾਂ ਨਹੀਂ। ਉਗਰਾਹਾਂ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਬਰਸਾਤੀ ਪਾਣੀ ਨੂੰ ਕੰਟਰੋਲ ਕਰਨ, ਬਰਸਾਤੀ ਪਾਣੀ ਦਾ ਪ੍ਰਬੰਧ ਕਰਨ, ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਰਕਾਰ ਦੀਆਂ ਕੀ ਨੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵੀ ਮਗਰਲੀਆਂ ਸਰਕਾਰਾਂ ਵਾਂਗ ਕੰਮ ਕਰ ਰਹੀ ਹੈ। ਪੰਜਾਬ ਵਿੱਚ ਨਸ਼ਾਖੋਰੀ, ਗੁੰਡਾਗਰਦੀ, ਜ਼ਬਰਦਸਤੀ ਜਾਇਦਾਦ ਹੜੱਪਣ ਅਤੇ ਬੇਰੁਜ਼ਗਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ।